ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਜੁਲਾਈ
ਜਬਰ-ਜਨਾਹ ਮਾਮਲੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸੀਬਤਾਂ ਵਧ ਰਹੀਆਂ ਹਨ। ਸਾਢੇ ਚਾਰ ਮਹੀਨੇ ਪਹਿਲਾਂ ਲੁਧਿਆਣਾ ਦੀ ਇੱਕ ਔਰਤ ਨੇ ਵਿਧਾਇਕ ਬੈਂਸ ’ਤੇ ਜਬਰ-ਜਨਾਹ ਦੇ ਦੋਸ਼ ਲਗਾਏ ਸਨ। ਮਾਮਲੇ ਵਿੱਚ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਔਰਤ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ ਵਿੱਚ ਅੱਜ ਲੁਧਿਆਣਾ ਦੀ ਅਦਾਲਤ ਨੇ ਪੁਲੀਸ ਨੂੰ ਐੱਫਆਈਆਰ ਦਰਜ ਕਰ ਕੇ 15 ਜੁਲਾਈ ਤੱਕ ਅਦਾਲਤ ਨੂੰ ਜਵਾਬ ਦੇਣ ਦੇ ਹੁਕਮ ਜਾਰੀ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਔਰਤ ਦਾ ਕੇਸ ਲੜਨ ਵਾਲੇ ਵਕੀਲ ਹਰੀਸ਼ ਰਾਏ ਢਾਂਡਾ ਨੇ ਦੱਸਿਆ ਕਿ ਅਦਾਲਤ ਨੇ ਹੁਣ ਔਰਤ ਦੀ ਗੱਲ ਸੁਣੀ ਹੈ ਤੇ ਵਿਧਾਇਕ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕਰਨ ਨੂੰ ਕਿਹਾ ਹੈ। ਇਨ੍ਹਾਂ ਹੁਕਮਾਂ ਤੋਂ ਬਾਅਦ ਵਿਧਾਇਕ ਬੈਂਸ ਦਾ ਫੋਨ ਬੰਦ ਆ ਰਿਹਾ ਹੈ।
ਹਲਵਾਰਾ ਏਅਰਪੋਰਟ ਸ਼ਹੀਦ ਸਰਾਭਾ ਨੂੰ ਸਮਰਪਿਤ ਕੀਤਾ ਜਾਵੇ: ਬੈਂਸ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਪੱਤਰ ਲਿਖ ਕੇ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦੇ ਕਰੀਬ ਦੋ ਕਿਲੋਮੀਟਰ ਦੀ ਦੂਰੀ ’ਤੇ ਹੀ ਸ਼ਹੀਦ ਸਰਾਭਾ ਦਾ ਪਿੰਡ ਹੈ। ਆਲੇ-ਦੁਆਲੇ ਦੇ 40 ਪਿੰਡਾਂ ਦੇ ਲੋਕਾਂ ਦੀ ਮੰਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਿਆ ਜਾਵੇ। ਵਿਧਾਇਕ ਬੈਂਸ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਇਸ ਸਬੰਧੀ ਮਤਾ ਪਾਸ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਇਹ ਮੰਗ ਪੂਰੀ ਕੀਤੀ ਜਾ ਸਕੇ।