ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 7 ਜੁਲਾਈ
ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਖਵਾਸਪੁਰ ਵਿੱਚ ਇੱਕ ਨੌਜਵਾਨ ਦਾ ਭੇਤਭਰੀ ਹਾਲਤ ਵਿੱਚ ਕਤਲ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਨੂੰ ਦੇਰ ਰਾਤ ਕਿਸੇ ਅਣਪਛਾਤੇ ਵਿਅਕਤੀ ਵੱਲੋ ਚਾਕੂ ਮਾਰਕੇ ਕਤਲ ਕਰ ਦਿੱਤਾ ਗਿਆ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਵੱਲੋ ਲਾਸ਼ ਕਬਜੇ ਵਿੱਚ ਲੈ ਕੇ ਕਤਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਖਵਾਸਪੁਰ ਵਜੋਂ ਹੋਈ ਹੈ। ਪੁਲੀਸ ਨੂੰ ਦਿੱਤੇ ਬਿਆਨ ਵਿੱਚ ਮ੍ਰਿਤਕ ਦਵਿੰਦਰ ਸਿੰਘ ਦੀ ਮਾਂ ਰਾਜਬੀਰ ਕੌਰ ਨੇ ਦੱਸਿਆ ਕਿ ਰਾਤ ਕਰੀਬ 9.30 ਵਜੇ ਦਵਿੰਦਰ ਸਿੰਘ ਰੋਟੀ ਖਾ ਕੇ ਘਰੋਂ ਬਾਹਰ ਗਿਆ ਸੀ ਅਤੇ ਥੋੜ੍ਹੇ ਸਮੇਂ ਬਾਅਦ ਲਹੂ ਲੁਹਾਣ ਹੋਇਆ ਭੱਜਦਾ ਹੋਇਆ ਘਰ ਆਇਆ। ਉਸ ਨੇ ਦੱਸਿਆ ਕਿ ਉਸ ਨੂੰ ਕਿਸੇ ਨੇ ਚਾਕੂ ਮਾਰ ਦਿੱਤਾ ਹੈ। ਦਵਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਨੇੜੇ ਦੇ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋ ਦਵਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਐੱਸਐੱਚਓ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਂ ਦੇ ਬਿਆਨ ਦੇ ਅਧਾਰ ’ਤੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ। ਐੱਸਐੱਚਓ ਜਸਵੰਤ ਸਿੰਘ ਨੇ ਦੱਸਿਆ ਕਿ ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਕਤਲ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।