ਆਤਿਸ਼ ਗੁਪਤਾ
ਚੰਡੀਗੜ੍ਹ, 8 ਜੁਲਾਈ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਦੇਸ਼ ਭਰ ਦੇ ਕਿਸਾਨ ਸੜਕਾਂ ’ਤੇ ਹਨ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਕਿਸਾਨ ਵੱਧ ਰਹੀ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਤੇ ਖਾਲੀ ਗੈਸ ਸਿਲੰਡਰਾਂ ਨਾਲ ਸੜਕਾਂ ਦੇ ਕੰਢੇ ਪ੍ਰਦਰਸ਼ਨ ਕੀਤੇ। ਇਸ ਪ੍ਰਦਰਸ਼ਨ ਦੀ ਸਲਾਹੁਣਯੋਗ ਗੱਲ ਇਹ ਰਹੀ ਕਿ ਕਿਸਾਨਾਂ ਨੂੰ ਜਿਥੇ ਆਮ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ ਉਥੇ ਟਰੈਫਿਕ ਵਿੱਚ ਰੁਕਾਵਟ ਨਹੀਂ ਪਾਈ ਗਈ।
ਉਨ੍ਹਾਂ ਨੇ ਸੜਕ ਕੰਢੇ ਖੜੇ ਹੋ ਕੇ ਅਤੇ ਧਰਨਿਆਂ ਵਿੱਚ ਸ਼ਾਂਤਮਈ ਢੰਗ ਨਾਲ ਮਹਿੰਗਾਈ ਖ਼ਿਲਾਫ਼ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰਨ ਲੱਗੀ ਹੋਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਰਹੀਆਂ ਹਨ ਪਰ ਭਾਰਤ ਵਿੱਚ ਤੇਲ ਦੀਆਂ ਕੀਮਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਦੂਜੇ ਪਾਸੇ ਗੈਸ ਸਿਲੰਡਰਾਂ ਦੀ ਕੀਮਤ ਵੱਧ ਰਹੀ ਹੈ। ਇਸ ਮੌਕੇ ਕਿਸਾਨ ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਅਤੇ ਹਰ ਵਰਗ ਦੇ ਲੋਕ ਸ਼ਾਮਲ ਸਨ।
