ਖੇਤਰੀ ਪ੍ਰਤੀਨਿਧ
ਬਟਾਲਾ, 7 ਜੁਲਾਈ
ਪੁਲੀਸ ਜ਼ਿਲ੍ਹਾ ਬਟਾਲਾ ਦੇ ਪਿੰਡ ਬੱਲੜਵਾਲ ਵਿੱਚ ਬੀਤੇ ਐਤਵਾਰ ਵਾਪਰੇ ਗੋਲੀ ਕਾਂਡ ਵਿੱਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਮਾਮਲੇ ਦੇ ਮੁੱਖ ਮੁਲਜ਼ਮ ਸੁਖਵਿੰਦਰ ਸਿੰਘ ਉਰਫ਼ ਸੋਨੀ ਦੀ ਧੀ ਦੀ ਸ਼ਿਕਾਇਤ ’ਤੇ ਥਾਣਾ ਘੁਮਾਣ ਦੀ ਪੁਲੀਸ ਨੇ ਦੂਸਰੀ ਧਿਰ ਦੇ ਚਾਰ ਨੌਜਵਾਨਾਂ ਖ਼ਿਲਾਫ਼ ਸਮੂਹਿਕ ਜਬਰ-ਜਨਾਹ ਦੇ ਦੋਸ਼ ਹੇਠ ਕੇਸ ਦਰਜ ਕਰ ਦਿੱਤਾ। ਮੁਲਜ਼ਮਾਂ ’ਚੋਂ ਦੋ ਗੋਲੀ ਕਾਂਡ ਵਿੱਚ ਜ਼ਖ਼ਮੀ ਹੋਏ ਸਨ ਅਤੇ ਇਸ ਵੇਲੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਇਸ ਸਬੰਧੀ ਐੱਸਪੀ (ਡੀ) ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਪੁਲੀਸ ਨੇ ਨਾਬਾਲਗ ਲੜਕੀ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਨੌਜਵਾਨਾਂ ਖ਼ਿਲਾਫ਼ ਸਮੂਹਿਕ ਜਬਰ-ਜਨਾਹ ਦੇ ਦੋਸ਼ਾਂ ਤਹਿਤ ਥਾਣਾ ਘੁਮਾਣ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਲੜਕੀ ਨਾਬਾਲਗ ਹੋਣ ਕਾਰਨ ਪੋਕਸੋ ਐਕਟ ਵੀ ਲਗਾਇਆ ਗਿਆ ਹੈ।