ਆਤਿਸ਼ ਗੁਪਤਾ
ਚੰਡੀਗੜ੍ਹ, 7 ਜੁਲਾਈ
ਦੇਸ਼ ਵਿੱਚ ਲਗਾਤਾਰ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਹਰਿਆਣਾ ਕਾਂਗਰਸ ਨੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ। ਕਾਂਗਰਸੀ ਆਗੂਆਂ ਨੇ ਮਹਿੰਗਾਈ ਖ਼ਿਲਾਫ਼ ਰੇਹੜੇ ਚਲਾ ਕੇ ਅਤੇ ਮਹਿਲਾ ਕਾਂਗਰਸੀ ਕਾਰਕੁਨਾਂ ਨੇ ਥਾਲੀਆਂ ਖੜਕਾ ਕੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਮੌਕੇ ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਹਾਂਸੀ ਦੇ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਰੋਨਾ ਦੀ ਆੜ ਹੇਠ ਖੇਤੀ ਕਾਨੂੰਨ ਲਿਆ ਕੇ ਅਤੇ ਹੁਣ ਤੇਲ ਅਤੇ ਰਸੋਈ ਗੈਸ ਦੀ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ, ਜਿਸ ਕਾਰਨ ਅੱਜ ਭਾਜਪਾ ਅਤੇ ਇਸ ਦੀਆਂ ਭਾਈਵਾਲ ਪਾਰਟੀਆਂ ਨੂੰ ਲੋਕਾਂ ਵਿੱਚ ਜਾਣਾ ਮੁਸ਼ਕਿਲ ਹੋਇਆ ਪਿਆ ਹੈ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਜਪਾ ਦੇ ਵਿਧਾਇਕ, ਸੰਸਦ ਮੈਂਬਰ ਜਾਂ ਮੰਤਰੀ ਜਿੱਥੇ ਵੀ ਜਾਂਦੇ ਹਨ, ਲੋਕ ਕਾਲੇ ਝੰਡੇ ਲੈ ਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ। ਜੇਕਰ ਸੱਤਾਧਾਰੀ ਧਿਰ ਦੇ ਆਗੂ ਲੋਕਾਂ ਵਿੱਚ ਨਹੀਂ ਜਾ ਸਕਦੇ ਤਾਂ ਉਹ ਸੂਬੇ ਦਾ ਵਿਕਾਸ ਕਿਵੇਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਾਲਾਤ ਵਿੱਚ ਮੁੜ ਚੋਣਾਂ ਕਰਵਾ ਲਈਆਂ ਜਾਣ ਤਾਂ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕਦੀ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਕਾਂਗਰਸ ਪਾਰਟੀ ਪਹਿਲੇ ਦਿਨ ਤੋਂ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਹੁਣ ਮਹਿੰਗਾਈ ਦੇ ਮੁੱਦੇ ਨੂੰ ਚੁੱਕਦੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਹਿੰਗਾਈ ਨਹੀਂ ਘਟਦੀ, ਉਦੋਂ ਤੱਕ ਕਾਂਗਰਸ ਪਾਰਟੀ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰਦੀ ਰਹੇਗੀ, ਜਿਸ ਤਹਿਤ 10 ਜੁਲਾਈ ਨੂੰ ਸੂਬਾ ਪੱਧਰ ’ਤੇ ਸਾਈਕਲ ਮਾਰਚ ਅਤੇ 15 ਜੁਲਾਈ ਨੂੰ ਪੈਟਰੋਲ ਪੰਪਾਂ ’ਤੇ ਲੋਕਾਂ ਦੇ ਹਸਤਾਖਰ ਕਰਵਾਏ ਜਾਣਗੇ।
ਕਿਸਾਨ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਅੱਜ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੇਸ਼ ਭਰ ਵਿੱਚ 8 ਜੁਲਾਈ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਲਈ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਸਵੇਰੇ 10 ਵਜੇ ਤੋਂ 12 ਵਜੇ ਤੱਕ ਲੋਕ ਸਕੂਟਰ, ਮੋਟਰਸਾਈਕਲ, ਟਰੈਕਟਰ, ਕਾਰਾਂ, ਬੱਸਾਂ, ਟਰੱਕ ਅਤੇ ਵੱਖ-ਵੱਖ ਵਾਹਨਾਂ ਨੂੰ ਸੜਕਾਂ ਕੰਢੇ ਖੜ੍ਹੇ ਕਰਕੇ ਗੈਸ ਸਿਲੰਡਰਾਂ ਸਮੇਤ ਰੋਸ ਪ੍ਰਦਰਸ਼ਨ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਭਲਕ ਦੇ ਸੰਘਰਸ਼ ਵਿੱਚ ਹਿੱਸਾ ਲੈਣ ਲਈ ਪ੍ਰੇਰਦਿਆਂ ਕਿਹਾ ਕਿ ਲੋਕ ਨੈਸ਼ਨਲ ਹਾਈਵੇਅ ਅਤੇ ਪਿੰਡਾਂ ਦੀ ਮੁੱਖ ਸੜਕ ’ਤੇ ਟਰੈਕਟਰ, ਕਾਰ, ਮੋਟਰਸਾਈਕਲ ਅਤੇ ਹੋਰ ਵਾਹਨ ਲਾਈਨ ਵਿੱਚ ਸੜਕ ਕੰਢੇ ਖੜ੍ਹੇ ਕਰਨ।