ਨਵੀਂ ਦਿੱਲੀ (ਟ੍ਰਿਬਿਊਨ ਨਿਊਜ਼ ਸਰਵਿਸ): ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਨੂੰ ਹੁਣ ਹੋਰ ਕਰਜ਼ਿਆਂ ਦੀ ਲੋੜ ਨਹੀਂ ਸਗੋਂ ਸਮੇਂ ਦੀ ਮੰਗ ਹੈ ਕਿ ਕਿਸਾਨਾਂ ਨੂੰ ਕਰਜ਼-ਮੁਕਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਸੀ ਕਿ ਖੇਤੀਬਾੜੀ ਬੁਨਿਆਦੀ ਢਾਂਚੇ ਲਈ ਇਕ ਲੱਖ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਤੇ ਖੇਤੀਬਾੜੀ ਉਤਪਾਦ ਮਾਰਕੀਟ ਕਮੇਟੀਆਂ ਇਸ ਰਕਮ ਦੀ ਵਰਤੋਂ ਕਰ ਸਕਦੀਆਂ ਹਨ ਤੇ ਕਿਸਾਨਾਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾ ਸਕਦੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਤੋਮਰ ਦੇ ਇਸ ਬਿਆਨ ਨੂੰ ਜੁਮਲੇਬਾਜ਼ੀ ਆਖਿਆ ਹੈ। ਸੰਯੁਕਤ ਮੋਰਚੇ ਵੱਲੋਂ ਜਾਰੀ ਬਿਆਨ ਅਨੁਸਾਰ ਕੇਂਦਰ ਸਰਕਾਰ ਕਿਸਾਨਾਂ ਦੇ ਉਤਪਾਤ ਦੀ ਖਰੀਦ ਯਕੀਨੀ ਬਣਾਏ ਤੇ ਖੇਤੀ ਉਤਪਾਦਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਨੂੰ ਕਾਨੂੰਨੀ ਤੌਰ ’ਤੇ ਯਕੀਨੀ ਬਣਾਇਆ ਜਾਵੇ।