ਗਗਨਦੀਪ ਅਰੋੜਾ
ਲੁਧਿਆਣਾ, 8 ਜੁਲਾਈ
ਸਥਾਨਕ ਅਦਾਲਤ ਵੱਲੋਂ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮਾਂ ਦੇ ਬਾਵਜੂਦ ਹਾਲੇ ਵੀ ਲੁਧਿਆਣਾ ਪੁਲੀਸ ਨੇ ਕੋਈ ਕੇਸ ਦਰਜ ਨਹੀਂ ਕੀਤਾ। ਸੀਨੀਅਰ ਵਕੀਲ ਹਰੀਸ਼ ਰਾਏ ਢਾਂਡਾ ਨੇ ਦੋਸ਼ ਲਗਾਏ ਕਿ ਇਸ ਮਾਮਲੇ ਵਿੱਚ ਲੁਧਿਆਣਾ ਤੋਂ ਮੰਤਰੀ ਵਿਧਾਇਕ ਬੈਂਸ ਦਾ ਸਾਥ ਦੇ ਰਹੇ ਹਨ। ਇਸੇ ਦੌਰਾਨ ਵਿਧਾਇਕ ਬੈਂਸ ’ਤੇ ਜਬਰ-ਜਨਾਹ ਕਰਨ ਦਾ ਦੋਸ਼ ਲਗਾਉਣ ਵਾਲੀ ਔਰਤ ਵਕੀਲ ਢਾਂਡਾ ਦੇ ਨਾਲ ਪੁਲੀਸ ਕਮਿਸ਼ਨਰ ਦਫ਼ਤਰ ਪੁੱਜੀ ਤੇ ਉਸ ਨੇ ਅੱਜ ਵੀ ਧਰਨਾ ਦਿੱਤਾ।
ਵਕੀਲ ਢਾਂਡਾ ਨੇ ਕਿਹਾ ਕਿ ਉਹ ਪੀੜਤਾ ਦੇ ਨਾਲ ਖੜ੍ਹੇ ਸਨ ਪਰ ਸੱਤਾਧਾਰੀਆਂ ਨੇ ਉਨ੍ਹਾਂ ਨੂੰ ਪਿੱਛੇ ਹਟਾਉਣ ਲਈ ਪਰਿਵਾਰ ਸਣੇ ਉਨ੍ਹਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਹਨ ਤੇ ਪੀੜਤਾ ਨੂੰ ਡਰਾਉਣ ਲਈ ਉਸ ਦੇ ਪਿਤਾ ਦੇ ਸਕੂਟਰ ਨੂੰ ਕਾਰ ਰਾਹੀਂ ਟੱਕਰ ਤੱਕ ਮਰਵਾਈ। ਇਸ ਤੋਂ ਬਾਅਦ ਪੀੜਤਾ ਦੇ ਲੜਕੇ ’ਤੇ ਕਬੂਤਰਬਾਜ਼ੀ ਦੀ ਸ਼ਿਕਾਇਤ ਦਿੱਤੀ ਗਈ। ਇਸ ਪੂਰੇ ਮਾਮਲੇ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੀ ਗਈ ਪਰ ਉਨ੍ਹਾਂ ਨੇ ਇਸ ਮਾਮਲੇ ’ਚ ਕੋਈ ਕਾਰਵਾਈ ਨਹੀਂ ਕੀਤੀ। ਹੁਣ ਉਹ ਹਾਈ ਕੋਰਟ ’ਚ ਇਸ ਮਾਮਲੇ ਦੀ ਜਾਂਚ ਲਈ ਪਟੀਸ਼ਨ ਪਾਉਣਗੇ ਕਿਉਂਕਿ ਪੁਲੀਸ ਨੇ ਵਿਧਾਇਕ ਬੈਂਸ ਨੂੰ ਬਚਾਉਣ ਲਈ ਬਹੁਤ ਸਾਰੇ ਸਬੂਤਾਂ ਨੂੰ ਨਸ਼ਟ ਕਰ ਦਿੱਤਾ ਹੈ।
ਪੀੜਤਾ ਨੇ ਕਿਹਾ ਕਿ ਅਦਾਲਤ ਨੇ ਭਾਵੇਂ ਉਸ ਨੂੰ ਇਨਸਾਫ਼ ਦਿੱਤਾ ਹੈ ਪਰ ਲੁਧਿਆਣਾ ਪੁਲੀਸ ਹਾਲੇ ਵੀ ਵਿਧਾਇਕ ਬੈਂਸ ਦਾ ਬਚਾਅ ਕਰ ਰਹੀ ਹੈ। ਉਸ ਨੇ ਕਿਹਾ ਕਿ ਜਦੋਂ ਤੱਕ ਵਿਧਾਇਕ ਬੈਂਸ ਖਿਲਾਫ਼ ਕੇਸ ਦਰਜ ਨਹੀਂ ਹੋ ਜਾਂਦਾ, ਉਹ ਧਰਨਾ ਜਾਰੀ ਰੱਖੇਗੀ।
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਨੂੰ ਦੋਸ਼ੀ ਠਹਿਰਾਇਆ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਦੋਸ਼ ਲਾਇਆ ਕਿ ਉਹ ਲੋਕ ਇਨਸਾਫ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਨੂੰ ਇਕ ਕਥਿਤ ਜਬਰ ਜਨਾਹ ਮਾਮਲੇ ਵਿੱਚ ਬਚਾਉਣ ਦਾ ਯਤਨ ਕਰ ਰਿਹਾ ਹੈ। ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਬੈਂਸ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋ ਗਿਆ ਹੈ ਅਤੇ ਇਸੇ ਕਾਰਨ ਉਸ ਦਾ ਪੁਲੀਸ ਮਾਮਲੇ ਵਿੱਚ ਬਚਾਅ ਕੀਤਾ ਜਾ ਰਿਹਾ ਹੈ। -ਟਨਸ
ਜਾਂਚ ਵਿੱਚ ਸਹਿਯੋਗ ਦੇਣ ਵਿਧਾਇਕ ਬੈਂਸ: ਲਾਲਪੁਰਾ
ਚੰਡੀਗੜ੍ਹ: ਭਾਜਪਾ ਦੇ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਕਥਿਤ ਜਬਰ ਜਨਾਹ ਦੇ ਮਾਮਲੇ ’ਚ ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਐੱਫਆਈਆਰ ਦਰਜ ਕਰਨ ਦੇ ਆਦੇਸ਼ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਤੇ ਜਨਤਕ ਪ੍ਰਤੀਨਿਧੀ ਹੋਣ ਦੇ ਨਾਤੇ ਵਿਧਾਇਕ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ’ਤੇ ਲੱਗੇ ਦੋਸ਼ਾਂ ਤੋਂ ਛੁਟਕਾਰਾ ਪਾਉਣ ਲਈ ਖੁਦ ਪੁਲੀਸ ਸਾਹਮਣੇ ਪੇਸ਼ ਹੋਏ ਅਤੇ ਜਾਂਚ ਵਿੱਚ ਸਹਿਯੋਗ ਕਰੇ। -ਟਨਸ