ਆਤਿਸ਼ ਗੁਪਤਾ
ਚੰਡੀਗੜ੍ਹ, 8 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਨਿੱਤ ਵਧ ਰਹੀਆਂ ਕੀਮਤਾਂ ਖ਼ਿਲਾਫ਼ ਹਰਿਆਣਾ ਦੇ ਕਿਸਾਨ ਅਤੇ ਆਮ ਲੋਕਾਂ ਨੇ ਅੱਜ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤੇ। ਕਿਸਾਨ ਜਥੇਬੰਦੀਆਂ ਨੇ ਮਹਿੰਗਾਈ ਖ਼ਿਲਾਫ਼ ਟਰੈਕਟਰਾਂ, ਸਕੂਟਰਾਂ, ਮੋਟਰਸਾਈਕਲਾਂ, ਕਾਰਾਂ ਤੇ ਵੱਖ-ਵੱਖ ਵਾਹਨਾਂ ਨੂੰ ਸੜਕ ਕੰਢੇ ਖੜ੍ਹੇ ਕਰ ਕੇ ਅਤੇ ਖਾਲੀ ਗੈਸ ਸਿਲੰਡਰ ਹੱਥਾਂ ਵਿੱਚ ਲੈ ਕੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਦੋ ਘੰਟੇ ਰੋਸ ਪ੍ਰਦਰਸ਼ਨ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ, ਵਿਦਿਆਰਥੀ, ਔਰਤਾਂ, ਕਰਮਚਾਰੀ, ਦੁਕਾਨਦਾਰ, ਟਰਾਂਸਪੋਰਟਰ, ਵਪਾਰੀ ਅਤੇ ਹਰ ਵਰਗ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ।
ਕਿਸਾਨ ਜਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦਾ ਸੇਕ ਭਾਜਪਾ ਅਤੇ ਜੇਜੇਪੀ ਆਗੂਆਂ ’ਤੇ ਦੇਖਣ ਨੂੰ ਮਿਲਿਆ। ਅੱਜ ਹਿਸਾਰ ਵਿੱਚ ਕਿਸਾਨਾਂ ਦੇ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਓਪੀ ਧਨਖੜ ਨੂੰ ਕਿਸਾਨ ਆਗੂਆਂ ਨੇ ਕਾਲੇ ਝੰਡੇ ਦਿਖਾਏ। ਪ੍ਰਾਪਤ ਜਾਣਕਾਰੀ ਅਨੁਸਾਰ ਓਪੀ ਧਨਖੜ ਹਿਸਾਰ ਦੇ ਮਿਲੀਗੇਟ ਵਿੱਚ ਇਕ ਸਮਾਗਮ ’ਚ ਜਾ ਰਹੇ ਸਨ। ਉਨ੍ਹਾਂ ਕਿਸਾਨਾਂ ਤੋਂ ਪਾਸਾ ਵੱਟਦੇ ਹੋਏ ਢਾਨੀ, ਕੁਤੁਬਪੁਰ ਤੇ ਖਰੜ ਰਾਹੀਂ ਲੰਘਣ ਦੀ ਕੋਸ਼ਿਸ਼ ਕੀਤੀ। ਇਸ ਬਾਰੇ ਜਾਣਕਾਰੀ ਮਿਲਦੇ ਹੀ ਕਿਸਾਨ ਆਗੂਆਂ ਨੇ ਭਾਜਪਾ ਪ੍ਰਧਾਨ ਨੂੰ ਘੇਰ ਕੇ ਕਾਲੇ ਝੰਡੇ ਦਿਖਾਏ। ਇਸ ਦੌਰਾਨ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਉਨ੍ਹਾਂ ਨੂੰ ਕਾਰ ਵਾਪਸ ਮੋੜਨ ਲਈ ਮਜਬੂਰ ਹੋਣਾ ਪਿਆ।
ਕਿਸਾਨ ਜਥੇਬੰਦੀਆਂ ਨੇ ਸੂਬੇ ਦੇ ਅੰਬਾਲਾ, ਸਿਰਸਾ, ਹਿਸਾਰ, ਕਰਨਾਲ, ਜੀਂਦ, ਪਾਣੀਪਤ, ਕੁਰੂਕਸ਼ੇਤਰ, ਸੋਨੀਪਤ, ਫ਼ਰੀਦਾਬਾਦ, ਭਿਵਾਨੀ ਅਤੇ ਹੋਰ ਟੌਲ ਪਲਾਜ਼ਿਆਂ ’ਤੇ ਚੱਲ ਰਹੇ ਧਰਨਿਆਂ ਸਣੇ 100 ਤੋਂ ਵੱਧ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ।
ਕਿਸਾਨ ਆਗੂਆਂ ਨੇ ਕੁਝ ਮਿੰਟ ਹਾਰਨ ਬਜਾ ਕੇ ਕੇਂਦਰ ਸਰਕਾਰ ਨੂੰ ਜਗਾਉਣ ਦਾ ਸੱਦਾ ਦਿੱਤਾ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੀ ਗਈ ਕੇਂਦਰ ਸਰਕਾਰ ਲੋਕਾਂ ਦੀ ਬਜਾਏ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ। ਸਰਕਾਰ ਨੇ ਕਰੋਨਾ ਕਾਰਨ ਕੰਮਕਾਜ ਤੋਂ ਵਿਹਲੇ ਹੋ ਚੁੱਕੇ ਲੋਕਾਂ ’ਤੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਦਾ ਨਵਾਂ ਬੋਝ ਪਾ ਦਿੱਤਾ।
ਭਾਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਰਵੀ ਆਜ਼ਾਦ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਸੱਤ ਮਹੀਨੇ ਤੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੇ ਹੁਣ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ। ਸ੍ਰੀ ਆਜ਼ਾਦ ਨੇ ਮੰਗ ਕੀਤੀ ਕਿ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਅੱਧੀਆਂ ਕੀਤੀਆਂ ਜਾਣ।
ਕਿਸਾਨਾਂ ਨੇ ਕੁਰੂਕਸ਼ੇਤਰ ’ਚ ਢਾਬੇ ਮੂਹਰੋਂ ਬੈਰੀਕੇਡ ਹਟਾਏ
ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ ਕੁਰੂਕਸ਼ੇਤਰ ਦੇ ਗੋਲਡਨ ਹੱਟ ਢਾਬੇ ਦੇ ਬਾਹਰ ਹਰਿਆਣਾ ਸਰਕਾਰ ਵੱਲੋਂ ਬੈਰੀਕੇਡ ਲਗਾ ਕੇ ਰਾਹ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅੱਜ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਖੁੱਲ੍ਹਵਾ ਦਿੱਤਾ ਹੈ। ਗੋਲਡਨ ਹੱਟ ਢਾਬੇ ਦੇ ਬਾਹਰ ਬੈਰੀਕੇਡ ਲੱਗਣ ਬਾਰੇ ਜਾਣਕਾਰੀ ਮਿਲਦੇ ਹੀ ਕਿਸਾਨ ਆਗੂਆਂ ਨੇ ਟਰੈਕਟਰਾਂ ਦੀ ਮਦਦ ਨਾਲ ਬੈਰੀਕੇਡ ਪੁੱਟ ਸੁੱਟੇ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਹਮਾਇਤੀਆਂ ਨੂੰ ਨਿਸ਼ਾਨਾ ਬਣਾ ਕੇ ਅੰਦੋਲਨ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੇਂਦਰ ਸਰਕਾਰ ਨੂੰ ਉਸ ਦੀਆਂ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।