ਪੱਤਰ ਪ੍ਰੇਰਕ
ਭਗਤਾ ਭਾਈ, 8 ਜੁਲਾਈ
ਸਰਕਾਰੀ ਹਸਪਤਾਲ ਭਗਤਾ ਭਾਈ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਸਾਂਝਾ ਫਰੰਟ ਮੁਲਾਜ਼ਮ ਯੂਨੀਅਨ ਦੇ ਸੱਦੇ ‘ਤੇ ਅੱਜ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਤੇ ਵਿੱਤ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਤਜਵੀਜਾਂ ਨੂੰ ਰੱਦ ਕਰਦਿਆਂ ‘ਪੈਨ ਡਾਊਨ-ਟੂਲ ਡਾਊਨ’ ਕਰਕੇ ਹੜਤਾਲ ਕੀਤੀ ਗਈ। ਇਸ ਮੌਕੇ ਇਕੱਤਰ ਮੁਲਾਜ਼ਮਾਂ ਨੇ ਸਰਕਾਰ ਤੇ ਤਨਖਾਹ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਸ ਮੀਡੀਆ ਆਫ਼ੀਸਰਜ਼ ਐਸੋਸੀਏਸ਼ਨ ਇਕਾਈ ਬਠਿੰਡਾ ਦੇ ਜਨਰਲ ਸਕੱਤਰ ਸੰਜੀਵ ਸ਼ਰਮਾ ਤੇ ਜਿਲ੍ਹਾ ਜਨਰਲ ਸਕੱਤਰ ਬਲਜੀਤ ਸਿੰਘ ਨੇ ਕਿਹਾ ਕਿ ਸਾਂਝਾ ਫਰੰਟ ਦੇ ਸੂਬਾਈ ਸੱਦੇ ਤਹਿਤ 8-9 ਜੁਲਾਈ ਨੂੰ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਹਰ ਤਰ੍ਹਾਂ ਦਾ ਵਿਭਾਗੀ ਕੰਮ ਠੱਪ ਰੱਖਿਆ ਜਾਵੇਗਾ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਇਥੇ ਸਿਹਤ ਕਾਮਿਆਂ ਨੇ ਪੰਜਾਬ ਤੇ ਯੂਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਸੱਦੇ ’ ਤੇ ਪੇਅ ਕਮਿਸ਼ਨ ਰਿਪੋਰਟ ਖ਼ਿਲਾਫ਼ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਐਮਰਜੈਂਸੀ ਅਤੇ ਗਰਭਵਤੀ ਔਰਤਾਂ ਦੇ ਜਣੇਪੇ ਨੂੰ ਛੱਡ ਸਾਰੀਆਂ ਸੇਵਾਵਾਂ ਠੱਪ ਰਹੀਆਂ। ਹੜਤਾਲ ਦੌਰਾਨ ਓਪੀਡੀ. ਕੋਵਿਡ ਟੀਕਾਕਰਨ ਅਤੇ ਕੋਵਿਡ ਸੈਂਪਲੰਗ ਦਾ ਕੰਮ ਵੀ ਪੂਰੀ ਤਰ੍ਹਾਂ ਠੱਪ ਕਰਕੇ ਸਿਵਲ ਸਰਜਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੀਸੀਐੱਮਐੱਸ ਸੂਬਾ ਪ੍ਰਧਾਨ ਡਾ. ਗਗਨਦੀਪ ਸਿੰਘ ਜਥੇਬੰਦਕ ਸਕੱਤਰ ਡਾ. ਇੰਦਰਵੀਰ ਸਿੰਘ ਗਿੱਲ ਆਦਿ ਨੇ ਸੰਬੋਧਨ ਕੀਤਾ।
ਦੋਦਾ (ਪੱਤਰ ਪ੍ਰੇਰਕ): ਅੱਜ ਸੀਐੱਚਸੀ ਦੋਦਾ ਵਿੱਚ ਪੈਰਾ ਮੈਡੀਕਲ ਕਾਮਿਆਂ ਵੱਲੋਂ ਓਪੀਡੀ ਸੇਵਾਵਾਂ ਬੰਦ ਰੱਖ ਕੇ, ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੁਖਵਿੰਦਰ ਸਿੰਘ, ਚਮਕੌਰ ਸਿੰਘ, ਡਾ. ਸ਼ਾਕਸ਼ੀ ਨੇ ਦੱਸਿਆ ਕਿ 29 ਜੁਲਾਈ ਨੂੰ ਮੋਤੀ ਮਹਿਲ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਧਨੌਲਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਛੇਵੇਂ ਪੇ ਕਮਿਸ਼ਨ ਨੂੰ ਨਕਾਰਦਿਆਂ ਪੈਰਾ ਮੈਡੀਕਲ ਯੂਨੀਅਨ ਵੱਲੋਂ ਕਾਪੀਆਂ ਸਾੜ ਪ੍ਰਦਰਸ਼ਨ ਕੀਤਾ। ਕਮਿਊਨਿਟੀ ਹੈਲਥ ਸੈਂਟਰ ਧਨੌਲਾ ਵਿੱਚ ਸੀਨੀਅਰ ਮੈਡੀਕਲ ਅਫਸਰ ਸਤਵੰਤ ਸਿੰਘ ਔਜਲਾ ਨੂੰ ਸਰਕਾਰ ਲਈ ਮੰਗ ਪੱਤਰ ਦਿੱਤਾ ਗਿਆ।
ਜ਼ੀਰਾ (ਪੱਤਰ ਪ੍ਰੇਰਕ): ਪੈਰਾ ਮੈਡੀਕਲ ਯੂਨੀਅਨ ਬਲਾਕ ਪੀਐਚਸੀ ਕੱਸੋਆਣਾ ਵੱਲੋਂ ਪੈਨ ਡਾਊਨ ਹੜਤਾਲ ਕੀਤੀ ਗਈ। ਮੁਲਾਜ਼ਮ ਜਥੇਬੰਦੀਆਂ ਨੇ ਦੱਸਿਆ ਕਿ ਪੈਰਾ ਮੈਡੀਕਲ ਯੂਨੀਅਨ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ 9 ਜੁਲਾਈ ਨੂੰ ਵੀ ਕਲਮ ਛੋੜ ਹੜਤਾਲ ਕੀਤੀ ਜਾਵੇਗੀ।
ਗਿੱਦੜਬਾਹਾ (ਪੱਤਰ ਪ੍ਰੇਰਕ): ਸਿਵਲ ਹਸਪਤਾਲ ਗਿੱਦੜਬਾਹਾ ਵਿੱਚ ਸਮੂਹ ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰ ਵੱਲੋਂ ਆਪਣੀਆਂ ਮੰਗਾਂ ਸਬੰਧੀ ਕਲਮ ਛੋੜ ਅਤੇ ਟੂਲ ਡਾਊਨ ਕਰ ਧਰਨਾ ਲਾਇਆ ਗਿਆ।
ਅਧਿਆਪਕਾਂ ਨੇ ਪੇਅ ਕਮਿਸ਼ਨ ਦੀਆਂ ਕਾਪੀਆਂ ਸਾੜੀਆਂ
ਬਠਿੰਡਾ (ਪੱਤਰ ਪ੍ਰੇਰਕ): ਜ਼ਿਲ੍ਹਾ ਬਠਿੰਡਾ ਦੇ ਵੱਖ ਵੱਖ ਸਕੂਲ ਕੈਂਪਸ ਅੰਦਰ ਛੇਵੇਂ ਤਨਖਾਹ ਕਮਿਸ਼ਨ ਦੀ ਕਾਪੀਆਂ ਸਾੜੀਆਂ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਇਲਾਵਾ ਬਠਿੰਡਾ ਦੇ ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਵੱਖਰਾ ਪ੍ਰਦਰਸ਼ਨ ਕਰਦਿਆਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦਾ ਰੋਣਾ ਰੋਇਆ। ਇਸ ਦੌਰਾਨ 9 ਜੁਲਾਈ ਨੂੰ ਮੁਲਾਜ਼ਮਾਂ ਦੇ ਸਾਂਝੇ ਵਿਸ਼ਾਲ ਰੋਸ ਪ੍ਰਦਰਸ਼ਨਾਂ ਤੇ ਚੱਕਾ ਜਾਮ ਦਾ ਹਿੱਸਾ ਬਣਨ ਦਾ ਅਹਿਦ ਕੀਤਾ। ਅਧਿਆਪਕਾਂ ਨੇ 29 ਜੁਲਾਈ ਨੂੰ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਸਮੁੱਚੀਆਂ ਮੁਲਾਜ਼ਮ ਮੰਗਾਂ ਨੂੰ ਲੈ ਕੇ ਹੋਣ ਜਾ ਰਹੀ ਇਤਿਹਾਸਕ ਰੈਲੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਵੀ ਕੀਤਾ।