ਸੁਰਜੀਤ ਮਜਾਰੀ
ਬੰਗਾ, 9 ਜੁਲਾਈ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਅੱਜ ਸਥਾਨਕ ਬੀਡੀਪੀਓ ਦਫ਼ਤਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਐੱਸਸੀ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਅਤੇ ਪ੍ਰਭ ਦਿਆਲ ਤੋਂ ਇਲਾਵਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜਨੀਅਰ ਮੋਹਨ ਲਾਲ ਸੂਦ ਨੇ ਸ਼ਿਰਕਤ ਕੀਤੀ। ਐਸਸੀ ਕਮਿਸ਼ਨ ਦੇ ਮੈਂਬਰਾਂ ਨੇ ਇਸ ਮੌਕੇ ਹਾਜ਼ਰ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਮੋਹਤਬਰਾਂ ਨੂੰ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੇ ਅਧਿਕਾਰਾਂ ਅਤੇ ਕਮਿਸ਼ਨ ਵੱਲੋਂ ਇਸ ਸਬੰਧੀ ਨਿਭਾਈ ਜਾ ਰਹੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੇਅਰਪਰਸਨ ਤਜਿੰਦਰ ਕੌਰ ਦੀ ਅਗਵਾਈ ਹੇਠ ਕਮਿਸ਼ਨ ਅਨੁਸੂਚਿਤ ਜਾਤੀਆਂ ਦੇ ਲੋਕਾਂ ਨਾਲ ਹੋ ਰਹੇ ਕਿਸੇ ਵੀ ਕਿਸਮ ਦੇ ਧੱਕੇ ਜਾਂ ਵਿਤਕਰੇ ਦੇ ਮਾਮਲੇ ਵਿਚ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੇ ਧੱਕੇ ਜਾਂ ਸਮਾਜਿਕ ਵਿਤਕਰੇ ਖਿਲਾਫ਼ ਇਸ ਐਕਟ ਤਹਿਤ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਕਾਰਪੋਰੇਸ਼ਨ ਵੱਲੋਂ ਗਰੀਬ ਵਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਚਾਨਣਾ ਪਾਇਆ।