ਪੱਤਰ ਪ੍ਰੇਰਕ
ਹੁਸ਼ਿਆਰਪੁਰ, 9 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਮਿਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ 240ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੋਦੀ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਖੇਤੀਬਾੜੀ ਮੰਤਰੀ ਨੂੰ ਭੜਕਾਊ ਬਿਆਨਬਾਜ਼ੀ ਕਰਨ ਦੀ ਥਾਂ ਗੱਲਬਾਤ ਰਾਹੀਂ ਕਿਸਾਨਾਂ ਦੀਆਂ ਮੰਗਾਂ ਦਾ ਨਿਬੇੜਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖੇਤੀ ਵਿਰੋਧੀ ਕਾਲੇ ਕਾਨੂੰਨ ਰੱਦ ਕਰ ਲੈਣੇ ਚਾਹੀਦੇ ਹਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦਾ ਕਾਨੂੰਨ ਬਣਾਉਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਰੋਜ਼ਾਨਾ ਹੋ ਰਹੇ ਵਾਧੇ ਲਈ ਵੀ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਇਸ ਚਿੱਟੀ ਨੰਗੀ ਲੁੱਟ ਵਿਰੁੱਧ ਲੋਕਾਂ ਨੂੰ ਇਕਜੁੱਟ ਹੋ ਕੇ ਸ਼ਕਤੀਸ਼ਾਲੀ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਧਰਨੇ ਨੂੰ ਗੁਰਮੇਸ਼ ਸਿੰਘ, ਮਾਸਟਰ ਹਰਕੰਵਲ ਸਿੰਘ, ਗੁਰਨਾਮ ਸਿੰਘ ਸਿੰਗੜੀਵਾਲਾ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਬਿਮਲਾ ਦੇਵੀ, ਰਾਮ ਲੁਭਾਇਆ, ਵਿਜੇ ਕੁਮਾਰ ਆਦਿ ਨੇ ਸੰਬੋਧਨ ਕੀਤਾ।