ਦਵਿੰਦਰ ਪਾਲ
ਚੰਡੀਗੜ੍ਹ, 9 ਜੁਲਾਈ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਕਿਸਾਨੀ ਦੇ ਨਾਮ ’ਤੇ ਕਲੰਕ ਕਰਾਰ ਦਿੱਤਾ ਹੈ। ਪੰਜਾਬੀ ਟ੍ਰਿਬਿਊਨ ਦੇ ਪ੍ਰਤੀਨਿਧ ਨਾਲ ਫੋਨ ’ਤੇ ਗੱਲ ਕਰਦਿਆਂ ਗਰੇਵਾਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਅਹਿੰਸਕ ਕਹਿਣਾ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਵਿਧਾਇਕ ਦੇ ਜਨਤਕ ਤੌਰ ’ਤੇ ਕੱਪੜੇ ਫਾੜ ਦਿੱਤੇ ਜਾਣ ਤੇ ਇੱਕ ਕਿਸਾਨ ਦੀ ਫਸਲ ਉਜਾੜ ਦਿੱਤੀ ਜਾਵੇ ਤਾਂ ਅਜਿਹੀਆਂ ਗਤੀਵਿਧੀਆਂ ਨੂੰ ਹਿੰਸਕ ਹੀ ਕਰਾਰ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਖੱਬੇ ਪੱਖੀ ਪਾਰਟੀਆਂ ਦੀ ਅਗਵਾਈ ਵਾਲੀਆਂ ਕਿਸਾਨ ਜਥੇਬੰਦੀਆਂ ਨੇ ਅਰਾਜਕਤਾ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਥੇਬੰਦੀਆਂ ਤੇ ਆਗੂਆਂ ਦਾ ਕਿਸਾਨੀ ਹਿੱਤਾਂ ਨਾਲ ਕੋਈ ਮਤਲਬ ਨਹੀਂ ਬਲਕਿ ਆਪਣੀ ਰਾਜਨੀਤੀ ਚਮਕਾਉਣ ਲਈ ਹੀ ਅੰਦੋਲਨ ਦਾ ਸਹਾਰਾ ਲਿਆ ਜਾ ਰਿਹਾ ਹੈ।
ਭਾਜਪਾ ਆਗੂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਨਾਮ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਸ ਨੂੰ ਖ਼ਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਇੱਕ ਕਿਸਾਨ ਹਨ। ਇਸ ਲਈ ਕਿਸਾਨੀ ਬਾਰੇ ਮਾੜਾ ਕਿਵੇਂ ਸੋਚ ਸਕਦੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਤਾਂ ਸਿਰਫ ਇਹੋ ਕਿਹਾ ਸੀ ਕਿ ਸਰਕਾਰ ਦੀਆਂ ਨੀਤੀਆਂ ਤੇ ਫ਼ੈਸਲੇ ਮੁਤਾਬਕ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾ ਸਕਦੇ ਪਰ ਸੋਧ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨ ਅੰਦੋਲਨ ’ਚ ਨਕਸਲਬਾੜੀਆਂ ਦੀ ਘੁਸਪੈਠ ਹੋਣ ਕਾਰਨ ਮਾਮਲਾ ਪੇਚੀਦਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲਗਾਤਾਰ ਗੁੰਮਰਾਹ ਕੀਤਾ ਜਾ ਰਿਹਾ ਹੈ।