ਪੱਤਰ ਪ੍ਰੇਰਕ
ਅਮਲੋਹ, 9 ਜੁਲਾਈ
ਵਿਧਾਨ ਸਭਾ ਹਲਕਾ ਅਮਲੋਹ ਦੇ ‘ਆਪ’ ਵਰਕਰਾਂ ਨੇ ਹਲਕੇ ਦੀ ਸੀਨੀਅਰ ਲੀਡਰਸ਼ਿਪ ਦੀ ਅਗਵਾਈ ਹੇਠ ਸ਼ਹਿਰ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਵੱਖ-ਵੱਖ ਥਾਵਾਂ ’ਤੇ ਲੋਕਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਪਾਰਟੀ ਨਿਤੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ ਤੇ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਵਾਂਗ ਪੰਜਾਬ ਵਿੱਚ ਵੀ ਬਣਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤੇ ਤੁਰੰਤ ਰੱਦ ਕਰਨ ਦੀ ਵੀ ਮੰਗ ਕੀਤੀ।
ਕੁਰਾਲੀ (ਪੱਤਰ ਪ੍ਰੇਰਕ): ਦੇਸ਼ ਭਰ ਵਿੱਚ ਆਏ ਦਿਨ ਵੱਧ ਰਹੀਆਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਅਤੇ ਇਸ ਕਾਰਨ ਆਏ ਦਿਨ ਵੱਧ ਰਹੀ ਮਹਿੰਗਾਈ ਕਾਰਨ ਯੂਥ ਕਾਂਗਰਸ ਵੱਲੋਂ ਸ਼ਹਿਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਜ਼ਿਲ੍ਹਾ ਯੂਥ ਕਾਂਗਰਸ ਦੇ ਸਕੱਤਰ ਰਾਹੁਲ ਕਾਲੀਆਂ ਦੀ ਅਗਵਾਈ ਵਿੱਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕਰਨਵੀਰ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਰਨਵੀਰ ਸਿੰਘ ਸਿੱਧੂ, ਬੰਟੀ ਸ਼ੇਲਕੋ ਤੇ ਮੁਕੇਸ਼ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਥੱਲੇ ਲੱਗਕੇ ਉਨ੍ਹਾਂ ਲਈ ਕੰਮ ਕਰ ਰਹੀ ਹੈ।