ਨਿੱਜੀ ਪੱਤਰ ਪ੍ਰੇਰਕ
ਮੋਗਾ, 9 ਜੁਲਾਈ
ਸੂਬੇ ’ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਡੇਢ ਦਹਾਕੇ ਤੋਂ ਠੇਕਾ ਆਧਾਰਤ ਮਗਨਰੇਗਾ ਕਾਮਿਆਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਣਮਿਥੇ ਸਮੇਂ ਦੀ ਹੜਤਾਲ ਕਰਨ ਕਾਰਨ ਨਰੇਗਾ ਸਕੀਮ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਠੱਪ ਹੋ ਗਏ ਹਨ। 10 ਜੁਲਾਈ ਨੂੰ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸੂਬੇ ’ਚ ਕੌਮੀ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਨਰੇਗਾ ਮੁਲਾਜ਼ਮਾਂ ਦੇ ਪਰਿਵਾਰ ਵੀ ਸ਼ਾਮਲ ਹੋਣਗੇ। ਇਸ ਦੌਰਾਨ ਵਿਧਾਇਕਾਂ ਤੇ ਮੰਤਰੀਆਂ ਦਾ ਵੀ ਘਿਰਾਓ ਕੀਤਾ ਜਾਵੇਗਾ।
ਬਰਨਾਲਾ (ਖੇਤਰੀ ਪ੍ਰਤੀਨਿੱਧ) ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ ਬਾਰਾਂ-ਤੇਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਠੇਕਾ ਆਧਾਰਤ ਨੌਕਰੀ ਕਰ ਰਹੇ ਪੰਜਾਬ ਦੇ ਨਰੇਗਾ ਮੁਲਾਜ਼ਮਾਂ ਨੇ ਸੇਵਾਵਾਂ ਰੈਗੂਲਰ ਕਰਵਾਉਣ ਲਈ ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਕੰਮ ਠੱਪ ਕਰਕੇ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਸੁਰੂ ਕਰ ਦਿੱਤੀ ਹੈ। ਅੱਜ ਇੱਥੇ ਬੀਡੀਪੀਓ ਬਰਨਾਲਾ ਦੇ ਦਫਤਰ ’ਚ ਲੱਗੇ ਧਰਨੇ ’ਤੇ ਬੈਠੇ ਸੂਬਾ ਵਿੱਤ ਸਕੱਤਰ ਮਨਸੇ ਖਾਂ ਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਬਲਿੰਗ ਨੇ ਕਿਹਾ ਕਿ ਨਰੇਗਾ ਮੁਲਾਜ਼ਮਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਤੇ ਮਾਪਦੰਡਾਂ ਅਨੁਸਾਰ ਹੋਈ ਹੈ।
ਸ਼ਹਿਣਾ (ਪੱਤਰ ਪ੍ਰੇਰਕ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ ਬਾਰਾਂ-ਤੇਰਾਂ ਸਾਲਾਂ ਤੋਂ ਠੇਕਾ ਆਧਾਰਤ ਨੌਕਰੀ ਕਰ ਰਹੇ ਪੰਜਾਬ ਦੇ ਨਰੇਗਾ ਮੁਲਾਜ਼ਮਾਂ ਨੇ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਤੇਜ਼ ਕਰ ਦਿੱਤਾ ਹੈ।
ਮਹਿਲ ਕਲਾਂ (ਪੱਤਰ ਪ੍ਰੇਰਕ) ਮਗਨਰੇਗਾ ਕਰਮਚਾਰੀਆਂ ਵੱਲੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਲਈ ਮਗਨਰੇਗਾ ਕਰਮਚਾਰੀ ਯੂਨੀਅਨ ਦੀ ਅਗਵਾਈ ਹੇਠ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮਗਨਰੇਗਾ ਕਰਮਚਾਰੀਆਂ ਨੇ ਸੇਵਾਵਾਂ ਨੂੰ ਤੁਰੰਤ ਰੈਗੂਲਰ ਕਰਨ ਦੀ ਮੰਗ ਕੀਤੀ। ਇਸ ਮੌਕੇ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਬੂਟਾ ਸਿੰਘ, ਏਪੀਓ ਗਗਨਦੀਪ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਮਨਰੇਗਾ ਮੁਲਾਜ਼ਮਾਂ ਦੀ ਭਰਤੀ ਪਾਰਦਰਸ਼ੀ ਢੰਗ ਨਾਲ ਹੋਈ ਸੀ ਤੇ ਲੰਮੇ ਸੰਘਰਸ਼ ਤੋਂ ਬਾਅਦ ਪਿਛਲੀ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਕੇ ਨਰੇਗਾ ਦਾ ਪ੍ਰਬੰਧ ਨਿੱਜੀ ਠੇਕੇਦਾਰਾਂ ਦੇ ਹੱਥਾਂ ’ਚ ਦੇਣਾ ਚਾਹੁੰਦੀ ਹੈ।