ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ
ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਬੈਨਰ ਹੇਠ ਅਤੇ ਅੰਗਰੇਜ਼ ਸਿੰਘ, ਪਵਨ ਕੁਮਾਰ, ਮਨੋਹਰ ਲਾਲ ਸ਼ਰਮਾ, ਸੁਖਵਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਸਿਰੇ ਤੋਂ ਨਕਾਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਖੰਡੇ ਵਾਲਾ ਪਾਰਕ ਵਿੱਚ ਇਕੱਤਰ ਹੋਏ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਹਰਭਗਵਾਨ, ਸਮਸ਼ੇਰ ਸਿੰਘ ਤੇ ਬਲਜੀਤ ਮੋਦਲਾ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਪੰਜਾਬ ਸਰਕਾਰ ਮਾਣ ਭੱਤੇ ਵਾਲੇ, ਕੱਚੇ ਕਾਮਿਆਂ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ ਦੇ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਅਤੇ ਹਾਲੇ ਤੱਕ ਇਸ ਨੇ ਮੁਲਾਜ਼ਮਾਂ ਮੰਗਾਂ ਨੂੰ ਅਣਗੌਲਿਆਂ ਕੀਤਾ ਹੋਇਆ ਹੈ। ਪਾਰਕ ਵਿੱਚ ਇਕੱਤਰ ਹੋਏ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਡੀਸੀ ਦਫ਼ਤਰ ਦੇ ਮੇਨ ਗੇਟ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ।
ਬਰਨਾਲਾ (ਪਰਸ਼ੋਤਮ ਬੱਲੀ): ਪੰਜਾਬ ਅਤੇ ਯੂ.ਟੀ. ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾ ਪੱਧਰੀ ਸੱਦੇ ਤੇ ਅੱਜ ਲਗਾਤਾਰ ਦੂਸਰੇ ਦਿਨ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫਤਰ ਅੱਗੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਕਚਹਿਰੀ ਚੌਕ ਪਹੁੰਚ ਕੇ ਚੱਕਾ ਜਾਮ ਕੀਤਾ। ਇਸ ਮੌਕੇ ਫਰੰਟ ਦੇ ਕਨਵੀਨਰ ਮੋਹਨ ਸਿੰਘ ਵੇਅਰਹਾਊਸ, ਜੁਗਰਾਜ ਸਿੰਘ ਟੱਲੇਵਾਲ, ਅਨਿਲ ਬਰਨਾਲਾ, ਮਨੋਹਰ ਲਾਲ, ਰਵਿੰਦਰ ਸ਼ਰਮਾ, ਗੁਰਦੀਪ ਸਿੰਘ ਰੰਧਾਵਾ ਅਤੇ ਸੁਖਜੰਟ ਸਿੰਘ ਨੇ ਸੰਬੋਧਨ ਕੀਤਾ।
ਫ਼ਰੀਦਕੋਟ (ਜਸਵੰਤ ਜੱਸ): ਪੰਜਾਬ ਯੂਟੀ ਮੁਲਾਜਮ ਤੇ ਪੈਨਸ਼ਨਰਜ ਸਾਂਝਾ ਫਰੰਟ ਜ਼ਿਲਾ ਫ਼ਰੀਦਕੋਟ ਦੀ ਅਗਵਾਈ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਦਫ਼ਤਰੀ ਕੰਮਕਾਰ ਮੁਕੰਮਲ ਬੰਦ ਕਰਕੇ ਫ਼ਰੀਦਕੋਟ ਦੇ ਮੁੱਖ ਬੱਸ ਸਟੈਂਡ ਦਾ ਘਿਰਾਓ ਕਰਕੇ ਧਰਨਾ ਦਿੱਤਾ। ਉਨ੍ਹਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਵੀ ਕੀਤਾ ਗਿਆ। ਬੱਸ ਸਟੈਂਡ ’ਤੇ ਧਰਨੇ ਨੂੰ ਸੰਬੋਧਨ ਕਰਦਿਆਂ ਆਗੂ ਅਮਰੀਕ ਸਿੰਘ ਸੰਧੂ, ਸਿਮਰਜੀਤ ਸਿੰਘ ਬਰਾੜ ਤੇ ਵੀਰਇੰਦਰਜੀਤ ਸਿੰਘ ਪੁਰੀਨੇ ਕਿਹਾ ਕਿ 6ਵੇਂ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਵਰਗ ਮੁੱਢ ਤੋਂ ਹੀ ਰੱਦ ਕਰਦਾ ਹੈੈ।
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਯੂਟੀ ਮੁਲਾਜਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ’ਚ ਰੈਲੀ ਕਰਨ ਉਪਰੰਤ ਸ਼ਹਿਰ ’ਚ ਅਰਥੀ ਲੈ ਕੇ ਮੁਜ਼ਾਹਰਾ ਕੀਤਾ ਤੇ ਇਥੇ ਬੱਸ ਸਟੈਂਡ ਦਾ ਇੱਕ ਘੰਟਾ ਘਿਰਾਓ ਕਰਕੇ ਕੈਪਟਨ ਸਰਕਾਰ ਦੀ ਅਰਥੀ ਸਾੜੀ ਗਈ। ਫਰੰਟ ਦੇ ਆਗੂ ਮੱਖਣ ਸਿੰਘ ਉਡਤ ਨੇ ਕਿਹਾ ਕਿ ਜੋ ਪੇਅ ਕਮਿਸ਼ਨ ਦੀ ਰਿਪੋਰਟ ਦਿੱਤੀ ਹੈ, ਉਸ ਵਿੱਚ ਮੁਲਾਜ਼ਮਾਂ ਦੇ ਪੱਲੇ ਕੱਖ ਵੀ ਨਹੀਂ ਪਾਇਆ।
ਬਿਜਲੀ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕੀ
ਮਾਨਸਾ (ਪੱਤਰ ਪ੍ਰੇਰਕ): ਮੁਲਾਜ਼ਮ ਅਤੇ ਪੈਨਸਨਰਜ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਪਾਵਰਕੌਮ ਦੇ ਸਮੂਹ ਬਿਜਲੀ ਮੁਲਾਜ਼ਮ ਅਤੇ ਸੇਵਾਮੁਕਤ ਮੁਲਾਜ਼ਮਾਂ ਨੇ ਰੈਲੀ ਕਰਦਿਆਂ ਦਫ਼ਤਰ ਦੇ ਬਾਹਰ ਸਰਕਾਰ ਅਤੇ ਬੋਰਡ ਮੈਨਜਮੈਂਟ ਦੀ ਅਰਥੀ ਸਾੜੀ। ਰੈਲੀ ਨੂੰ ਸੰਬੋਧਨ ਕਰਦਿਆਂ ਟੀ.ਐਸ.ਯੂ ਮੰਡਲ ਪ੍ਰਧਾਨ ਅਸ਼ੋਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨਜਮੈਂਟ ਨੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾ ਲੰਮੇ ਸਮੇਂ ਤੋਂ ਲਟਕਾ ਰੱਖੀਆਂ ਹਨ, ਜਿਸ ਵਿਚ ਡੀ.ਏ. ਦੀਆਂ ਕਿਸ਼ਤਾਂ ਨਵੇਂ ਸਹਾਇਕ ਲਾਈਨਮੈਨਾਂ ਦੇ ਮਸਲੇ ਅਤੇ ਕੱਚੇ ਕਾਮੇ ਪੱਕੇ ਕਰਨ ਸਬੰਧੀ ਮਸਲੇ ਹੱਲ ਨਾ ਕੀਤੇ ਗਏ ਤਾਂ ਜੰਥੇਬੰਦੀ ਆਉਣ ਵਾਲੇ ਪ੍ਰੋਗਰਾਮ ਇਸ ਤੋਂ ਵੀ ਵੱਧ ਚੜ੍ਹ ਕੇ ਕਰੇਗੀ।
ਜੀਰਾ (ਪੱਤਰ ਪ੍ਰੇਰਕ ): ਜ਼ੀਰਾ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਜ਼ ਅਧਿਕਾਰੀਆਂ ਵੱਲੋਂ ਅੱਜ ਸਾਂਝੇ ਤੌਰ ’ਤੇ ਬਿਜਲੀ ਘਰ ਜ਼ੀਰਾ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕ ਕੇ ਪੰਜਾਬ ਸਰਕਾਰ ਖਿਲਾਫ ਨਾਅਰੇ ਲਗਾਏ। ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਸਾਡੇ ਵਾਸਤੇ ਛੇਵਾਂ ਪੇ- ਕਮਿਸ਼ਨ ਬਿੱਲ ਪਾਸ ਕੀਤਾ ਗਿਆ ਹੈ, ਉਹ ਬਿਲਕੁਲ ਹੀ ਲੰਗੜਾ ਹੈ।