ਨਵੀਂ ਦਿੱਲੀ, 9 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਜੀਵਨ ਰੱਖਿਅਕ ਗੈਸ ਆਕਸੀਜਨ ਦੇ ਵਾਧੇ ਤੇ ਉਪਲੱਬਧਤਾ ਸਬੰਧੀ ਸਮੀਖਿਆ ਕੀਤੀ ਗਈ। ਇਸ ਦੌਰਾਨ ਸਰਕਾਰ ਨੇ ਕਿਹਾ ਕਿ ਦੇਸ਼ ਭਰ ਵਿਚ 1500 ਤੋਂ ਵੱਧ ਪੀਐੱਸਏ ਆਕਸੀਜਨ ਪਲਾਂਟਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ਵਿਚਾ ਕਿਹਾ, ‘‘ਸ੍ਰੀ ਮੋਦੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਪਲਾਂਟਾਂ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ ਅਤੇ ਇਸ ਸਬੰਧ ਵਿਚ ਸੂਬਾ ਸਰਕਾਰਾਂ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਹੈ।’’ ਇਨ੍ਹਾਂ ਆਕਸੀਜਨ ਪਲਾਂਟਾਂ ਵਿਚ ਉਹ ਪਲਾਂਟ ਵੀ ਸ਼ਾਮਲ ਹਨ ਜੋ ਕਿ ਪੀਐੱਮ ਕੇਅਰਜ਼ ਫੰਡ ਅਤੇ ਵੱਖ ਵੱਖ ਮੰਤਰਾਲਿਆਂ ਤੇ ਜਨਤਕ ਖੇਤਰ ਦੇ ਹੋਰ ਅਦਾਰਿਆਂ ਦੇ ਸਹਿਯੋਗ ਨਾਲ ਸਥਾਪਤ ਕੀਤੇ ਜਾ ਰਹੇ ਹਨ। ਪੀਐੱਮਓ ਨੇ ਕਿਹਾ ਕਿ ਦੇਸ਼ ਦੇ ਸਾਰੇ ਸੂਬਿਆਂ ਤੇ ਜ਼ਿਲ੍ਹਿਆਂ ਵਿਚ ਪੀਐੱਮ ਕੇਅਰਜ਼ ਫੰਡ ਦੇ ਸਹਿਯਗੋ ਨਾਲ ਪੀਐੱਸਏ ਆਕਸੀਜਨ ਪਲਾਂਟ ਸਥਾਪਕਤ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਇਹ ਪਲਾਂਟ ਕਾਰਜਸ਼ੀਲ ਹੋਣ ਤੋਂ ਬਾਅਦ ਆਕਸੀਜਨ ਦੀ ਸਹੂਲਤ ਵਾਲੇ ਚਾਰ ਲੱਖ ਤੋਂ ਵੱਧ ਬਿਸਤਰਿਆਂ ਨੂੰ ਇਸ ਦਾ ਲਾਭ ਹੋਵੇਗਾ। ਪ੍ਰਧਾਨ ਮੰਤਰੀ ਦਫ਼ਤਰ ਨੇ ਦੱਸਿਆ, ‘‘ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਇਨ੍ਹਾਂ ਪਲਾਂਟਾਂ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾਵੇ ਅਤੇ ਇਸ ਲਈ ਸੂਬਾ ਸਰਕਾਰਾਂ ਨਾਲ ਮਿਲ ਕੇ ਕੰਮ ਕੀਤਾ ਜਾਵੇ।’’ ਇਸ ਦੇ ਜਵਾਬ ਵਿਚ ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਆਕਸੀਜਨ ਪਲਾਂਟਾਂ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਵਾਉਣ ਦੇ ਸਬੰਧ ਵਿਚ ਸੂਬਾ ਸਰਕਾਰਾਂ ਦੇ ਅਧਿਕਾਰੀਆਂ ਨਾਲ ਨਿਯਮਤ ਤੌਰ ’ਤੇ ਸੰਪਰਕ ਵਿਚ ਹਨ। -ਪੀਟੀਆਈ
ਓਲੰਪਿਕ ਸਬੰਧੀ ਤਿਆਰੀਆਂ ਦਾ ਜਾਇਜ਼ਾ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਟੋਕੀਓ ਓਲੰਪਿਕ ਸਬੰਧੀ ਭਾਰਤ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤੇ ਇਹ ਵੀ ਐਲਾਨ ਕੀਤਾ ਕਿ 13 ਜੁਲਾਈ ਨੂੰ ਉਹ ਟੋਕੀਓ ਜਾਣ ਵਾਲੇ ਖਿਡਾਰੀਆਂ ਨਾਲ ਗੱਲਬਾਤ ਕਰਨਗੇ। ਇਸ ਮੁਲਾਕਾਤ ਤੋਂ ਤਿੰਨ ਦਿਨਾਂ ਬਾਅਦ ਭਾਰਤੀ ਖਿਡਾਰੀਆਂ ਦਾ ਪਹਿਲਾ ਜਥਾ ਓਲੰਪਿਕ ਖੇਡਾਂ ਵਿੱਚ ਭਾਗ ਲੈਣ ਲਈ ਜਾਪਾਨ ਦੀ ਰਾਜਧਾਨੀ ਲਈ ਰਵਾਨਾ ਹੋਵੇਗਾ।ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘130 ਕਰੋੜ ਭਾਰਤੀਆਂ ਵੱਲੋਂ ਮੈਂ ਟੋਕੀਓ ਜਾਣ ਵਾਲੇ ਖਿਡਾਰੀਆਂ ਨਾਲ 13 ਜੁਲਾਈ ਨੂੰ ਗੱਲਬਾਤ ਕਰਕੇ ਉਨ੍ਹਾਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਾਂਗਾ। ਆਓ ਅਸੀਂ ਸਾਰੇ #ਚੀਅਰ4ਇੰਡੀਆ ਰਾਹੀਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰੀਏ।’ -ਪੀਟੀਆਈ