ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੁਲਾਈ
ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ 2022 ਵਿਚ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾਣਗੀਆਂ ਅਤੇ ਉਹਨਾਂ ਦੇ ਬੱਚਿਆਂ ਨੂੰ ਪੋਸਟ ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ।
ਸ਼੍ਰੋੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਬਿਆਨ ਰਾਹੀਂ ਦੱਸਿਆ ਕਿ ਤਿੰਨ ਨਫ਼ਰਤ ਭਰੇ ਖੇਤੀ ਕਾਨੂੰਨਾਂ ਦੇ ਖਿਲਾਫ਼ ਇਹ ਸੰਘਰਸ਼ ਪਿਛਲੇ 7 ਮਹੀਨਿਆਂ ਤੋਂ ਜਾਰੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 550 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਫ਼ੈਸਲਾ ਕੀਤਾ ਹੈ ਕਿ 2022 ਵਿਚ ਇੱਕ ਵਾਰ ਸੱਤਾ ਵਿੱਚ ਆਉਣ ’ਤੇ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਜ਼ਰੂਰਤਾਂ ਦਾ ਖਿਆਲ ਰੱਖਿਆ ਜਾਵੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਨੇ ਮੀਂਹ ਤੇ ਝੱਖੜ ਸਮੇਤ ਨਾ ਸਿਰਫ਼ ਖ਼ਰਾਬ ਮੌਸਮ ਦੀ ਮਾਰ ਝੱਲੀ ਹੈ ਬਲਕਿ ਸਰਕਾਰੀ ਦਮਨ ਦੇ ਬਾਵਜੂਦ ਇਹਨਾਂ ਦਾ ਸੰਘਰਸ਼ ਜਾਰੀ ਹੈ। ਸੁਖਬੀਰ ਨੇ ਕਿਹਾ, ‘ਇਕ ਵਾਰ ਸੱਤਾ ਵਿਚ ਆਉਣ ਤੋਂ ਬਾਅਦ ਅਸੀਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਕੀਤੇ ਵਾਅਦੇ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਸਿਰੇ ਚੜ੍ਹਾਵਾਂਗੇ।’ ਸ੍ਰੀ ਬਾਦਲ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਤੇ ਮੁਫ਼ਤ ਸਿੱਖਿਆ ਤੋਂ ਇਲਾਕਾ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਇਹਨਾਂ ਪਰਿਵਾਰਾਂ ਦਾ ਮੁਫ਼ਤ ਮੈਡੀਕਲਾ ਬੀਮਾ ਵੀ ਕਰਵਾਏਗੀ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਾਰੇ ਖਰਚੇ ਪੰਜਾਬ ਸਰਕਾਰ ਚੁੱਕੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਨਾਲ ਇਹ ਵਾਅਦੇ ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਤੇ ਕਰ ਰਹੇ ਹਨ ਅਤੇ 2022 ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੇ ਸਹੁੰ ਚੁੱਕਣ ਤੋਂ ਬਾਅਦ ਇਹਨਾਂ ਦਾ ਪੂਰਾ ਹੋਣਾ ਯਕੀਨੀ ਬਣਾਉਣਗੇ।