ਪੱਤਰ ਪ੍ਰੇਰਕ
ਭਾਈਰੂਪਾ, 9 ਜੁਲਾਈ
ਮੁਲਾਜ਼ਮ ਯੁੂਨੀਅਨ ਦੇ ਸਾਂਝੇ ਫਰੰਟ ਵੱਲੋਂ ਦਿੱਤੇ ਸੱਦੇ ’ਤੇ ਸਿਹਤ ਕਰਮਚਾਰੀਆਂ ਵੱਲੋਂ ਸਿਹਤ ਕੇਂਦਰ ਢਿਪਾਲੀ, ਭਾਈਰੂਪਾ, ਸਲਾਬਤਪੁਰਾ ਵਿੱਚ ਕਲਮ ਛੋੜ ਹੜਤਾਲ ਕੀਤੀ ਗਈ। ਇਸ ਮੌਕੇ ਮਲਟੀਪਰਪਜ਼ ਹੈਲਥ ਐਂਪਲਾਈਜ਼ ਯੂਨੀਅਨ ਦੇ ਬਲਾਕ ਪ੍ਰਧਾਨ ਮਲਕੀਤ ਸਿੰਘ, ਮੀਤ ਪ੍ਰਧਾਨ ਗੁਰਮੀਤ ਸਿੰਘ ਅਤੇ ਪ੍ਰੈੱਸ ਸਕੱਤਰ ਬਲਵੀਰ ਸਿੰਘ ਸੰਧੂ ਕਲਾਂ, ਰਾਮਗੋਪਾਲ ਜੇਠੀ ਨੇ ਦੱਸਿਆ ਵਿਤ ਵਿਭਾਗ ਦੀਆਂ ਮੁਲਾਜ਼ਮ ਵਿਰੋਧੀ ਤਜਵੀਜ਼ਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਮੁਲਾਜ਼ਮ ਵਰਗ ਵੱਲੋਂ ਪਿੰਨ ਡਾਊਨ ਤੇ ਟੂਲ ਡਾਊਨ ਹੜਤਾਲ ਕੀਤੀ ਗਈ ਹੈ ਕਿਉਂਕਿ ਛੇਵਾਂ ਪੰਜਾਬ ਤਨਖਾਹ ਕਮਿਸ਼ਨ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰਨ ਵਾਲਾ ਹੈ, ਜਿਸ ਨੂੰ ਮੁਲਾਜ਼ਮ ਵਰਗ ਬਿਲਕੁਲ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇਕਰ ਤਨਖਾਹ ਕਮਿਸਨ ਨੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਐੱਲਐੱਚ ਵੀ ਸੁਖਜਿੰਦਰ ਕੌਰ, ਸੁਖਬੀਰ ਕੌਰ, ਫਾਰਮੇਸੀ ਅਫਸਰ ਰਵੀ ਕੁਮਾਰ, ਮਲਟੀਪਰਪਜ਼ ਹੈਲਥ ਵਰਕਰਜ਼ ਬੇਅੰਤ ਕੌਰ, ਕਰਮਜੀਤ ਕੌਰ ਤੇ ਬਲਦੇਵ ਸਿੰਘ ਗਿੱਲ ਆਦਿ ਹਾਜ਼ਰ ਸਨ।
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਪੰਜਾਬ ਯੂ.ਟੀ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਸਿਹਤ ਕਾਮਿਆਂ ਨੇ ਸਿਵਲ ਹਸਪਤਾਲ ਜ਼ੀਰਾ ਵਿਚ ਓਪੀਡੀ ਸੇਵਾਵਾਂ ਠੱਪ ਰੱਖ ਕੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵਿਗਿਆਨ ਦੇ ਸਟੇਟ ਪ੍ਰਧਾਨ ਰਵਿੰਦਰ ਲੂਥਰਾ ਦੀ ਅਗਵਾਈ ਹੇਠ ਪੈੱਨ ਡਾਊਨ ਤੇ ਟੂਲ ਡਾਊਨ ਕਰਕੇ ਹੜਤਾਲ ਕੀਤੀ ਗਈ ਅਤੇ ਸਿਵਲ ਹਸਪਤਾਲ ਦੇ ਬਾਹਰ ਇਕੱਤਰ ਹੋ ਕੇ ਸਿਹਤ ਕਾਮਿਆਂ ਨੇ ਪੰਜਾਬ ਸਰਕਾਰ ਨੂੰ ਭੰਡਿਆ।
ਭੁੱਚੋ ਮੰਡੀ (ਪਵਨ ਗੋਇਲ): ਸਿਹਤ ਮੁਲਾਜ਼ਮਾਂ ਨੇ ਛੇਵੇਂ ਤਨਖਾਹ ਕਮਿਸ਼ਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਵਿਰੋਧ ਵਿੱਚ ਅੱਜ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਸਥਾਨਕ ਹਸਪਤਾਲ ਵਿੱਚ ਪੈਨ ਡਾਊਨ ਤੇ ਟੂਲ ਡਾਊਨ ਹੜਤਾਲ ਕੀਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਲਟੀਪਰਪਜ਼ ਹੈਲਥ ਐਂਪਲਾਇਜ਼ ਐਸੋਸੀਏਸ਼ਨ ਦੇ ਬਲਾਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਰੰਗੀਲਾ ਨੇ ਪੰਜਾਬ ਸਰਕਾਰ ਤੋਂ ਮਹਿੰਗਾਈ ਭੱਤੇ ਦੇ ਬਕਾਏ ਦੇਣ ਅਤੇ ਛੇਵਂੇ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਲਾਜ਼ਮ ਪੱਖੀ ਬਣਾ ਕੇ ਪੇਸ਼ ਕਰਨ ਦੀ ਮੰਗ ਕੀਤੀ।