ਦਵਿੰਦਰ ਸਿੰਘ
ਯਮੁਨਾਨਗਰ, 10 ਜੁਲਾਈ
ਜਗਾਧਰੀ ਦੇ ਰਾਮਲੀਲਾ ਭਵਨ ਵਿੱਚ ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਵਿੱਚ ਹਿੱਸਾ ਲੈਣ ਆਏ ਹਰਿਆਣਾ ਦੇ ਕੈਬਨਿਟ ਟਰਾਂਸਪੋਰਟ ਮੰਤਰੀ ਮੂਲ ਚੰਦ ਸ਼ਰਮਾ ਅਤੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਦਾ ਅੱਜ ਕਿਸਾਨਾਂ ਅਤੇ ਔਰਤਾਂ ਨੇ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਕਾਲੇ ਝੰਡੇ ਦਿਖਾਏ। ਇਸ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਕਾਰ ਧੱਕਾ-ਮੁੱਕੀ ਹੋਈ ਤੇ ਪੁਲੀਸ ਵੱਲੋਂ ਕੁਝ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ।
ਦੱਸਣਯੋਗ ਹੈ ਕਿ ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਪਹਿਲਾਂ ਹੀ ਭਾਜਪਾ ਦੀ ਮੀਟਿੰਗ ਦੇ ਵਿਰੋਧ ਦੀ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੋਈ ਸੀ। ਇਸ ਦੇ ਮੱਦੇਨਜ਼ਰ ਐੱਸਪੀ ਕਮਲਦੀਪ ਗੋਇਲ ਦੀ ਅਗਵਾਈ ਹੇਠ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਦੇ ਬਾਵਜੂਦ ਕਿਸਾਨ ਟਰੈਕਟਰਾਂ ਨਾਲ ਬੈਰੀਕੇਡ ਤੋੜ ਕੇ ਸਮਾਗਮ ਵਾਲੀ ਥਾਂ ’ਤੇ ਪੁੱਜ ਗਏ ਤੇ ਧਰਨਾ ਲਗਾ ਦਿੱਤਾ। ਇਸ ਦੌਰਾਨ ਪੁਲੀਸ ਨਾਲ ਕਿਸਾਨਾਂ ਦੀ ਧੱਕਾ-ਮੁੱਕੀ ਵੀ ਹੋਈ, ਜਿਸ ਵਿੱਚ ਡੀਐੱਸਪੀ ਸੁਰਿੰਦਰ ਕੌਰ ਸਮੇਤ ਕਈ ਪੁਲੀਸ ਕਰਮਚਾਰੀਆਂ ਦੇ ਸੱਟਾਂ ਲੱਗੀਆਂ। ਮਗਰੋਂ ਐੱਸਪੀ ਕਮਲਦੀਪ ਗੋਇਲ ਨੇ ਕਿਸਾਨਾਂ ਨੂੰ ਪਿੱਛੇ ਹਟਾ ਦਿੱਤਾ ਪਰ ਕੁੱਝ ਦੇਰ ਬਾਅਦ ਕਿਸਾਨਾਂ ਨੇ ਜਗਾਧਰੀ ਬੱਸ ਅੱਡੇ ਤੋਂ ਅਗਰਸੈਨ ਚੌਕ ਜਾਣ ਵਾਲੇ ਮਾਰਗ ’ਤੇ ਧਰਨਾ ਲਾ ਦਿੱਤਾ। ਪੁਲੀਸ ਨੇ ਉੱਥੋਂ ਕੁਝ ਕਿਸਾਨਾਂ ਅਤੇ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨਾਂ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ਸਫ਼ਲ ਦੱਸਿਆ ਹੈ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਵਾਪਸ ਨਹੀਂ ਹੁੰਦੇ, ਸੂਬੇ ਵਿੱਚ ਭਾਜਪਾ ਤੇ ਜਜਪਾ ਦੇ ਆਗੂਆਂ ਤੇ ਮੰਤਰੀਆਂ ਦਾ ਵਿਰੋਧ ਜਾਰੀ ਰਹੇਗਾ। ਇਸ ਮੌਕੇ ਕਿਸਾਨ ਆਗੂ ਸੰਜੂ, ਮਨਦੀਪ ਤੇ ਹਰਪਾਲ ਸਿੰਘ ਹਾਜ਼ਰ ਸਨ।
ਵਿਰੋਧ ਕਰਨ ਵਾਲੇ ਕਿਸਾਨ ਨਹੀਂ: ਸਿੱਖਿਆ ਮੰਤਰੀ
ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਕਿਹਾ ਕਿ ਇਹ ਕਿਸਾਨਾਂ ਦਾ ਵਿਰੋਧ ਨਹੀਂ, ਸਗੋਂ ਕਿਸਾਨਾਂ ਵਿੱਚ ਕੁੱਝ ਗ਼ੈਰ-ਜ਼ਿੰਮੇਵਾਰ ਲੋਕ ਸ਼ਾਮਲ ਹਨ, ਜੋ ਹੁੱਲੜਬਾਜ਼ੀ ਕਰ ਕੇ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਮੰਚ ’ਤੇ ਦਾਅਵੇ ਨਾਲ ਕਹਿ ਸਕਦੇ ਹਨ ਕਿ ਭਾਜਪਾ ਕਿਸਾਨਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਆਪਣੀ ਗੱਲ ਕਹਿਣ ਦਾ ਅਧਿਕਾਰ ਸੰਵਿਧਾਨ ਨੇ ਸਭ ਨੂੰ ਦਿੱਤਾ ਹੈ ਪਰ ਗ਼ੈਰ- ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।