ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 12 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਪੰਜਾਬੀ ਯੂਨੀਵਰਸਿਟੀ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਮਦਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸੰਕਟ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੀ ਪੰਜਾਬੀ ਯੂਨੀਵਰਸਿਟੀ ਦੇ ਮਾਣ-ਸਨਮਾਨ ਨੂੰ ਲੱਗ ਰਹੀ ਢਾਹ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਯੂਨੀਵਰਸਿਟੀ ਦੇ ਅਧਿਆਪਨ ਅਤੇ ਗੈਰ-ਅਧਿਆਪਨ ਦੇ ਖੇਤਰ ਵਿੱਚ ਕਾਰਜਸ਼ੀਲ ਵਿਅਕਤੀਆਂ ਨੂੰ ਸਾਹਿਤ ਰਚਨਾ ਅਤੇ ਖੋਜ ਕਾਰਜਾਂ ਸਮੇਤ ਸਮੇਤ ਘਰੇਲੂ ਖੇਤਰ ਵਿੱਚ ਪਰਿਵਾਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ’ਵਰਸਿਟੀ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਆਪਣਾ ਅਹਿਮ ਰੋਲ ਅਦਾ ਕਰਨ।
ਯੂਨੀਵਰਸਿਟੀ ਵਿੱਚ ਕਾਂਗਰਸੀ ਆਗੂਆਂ ਦੇ ਦਾਖਲੇ ’ਤੇ ਪਾਬੰਦੀ
ਪੰਜਾਬੀ ਯੂਨੀਵਰਸਿਟੀ ਦੀਆਂ ਫੀਸਾਂ ਵਿੱਚ ਵਾਧਾ ਤੇ ਗ੍ਰਾਂਟ ਦੇਣ ਲਈ ਟਾਲਮਟੋਲ ਕਰਨ ਖ਼ਿਲਾਫ਼ ਚਾਰ ਜਥੇਬੰਦੀਆਂ ਪੀਐੱਸਯੂ, ਏਆਈਐੱਸਐੱਫ, ਐੱਸਐੱਫਆਈ ਅਤੇ ਡੀਐੱਸਓ ’ਤੇ ਆਧਾਰਤ ਸਾਂਝੇ ਵਿਦਿਆਰਥੀ ਮੋਰਚੇ ਵੱਲੋਂ ਅੱਜ ਪੰਜਾਬੀ ਯੂਨੀਵਰਸਿਟੀ ਕੈਂਪਸ ’ਚ ਕਾਂਗਰਸੀ ਆਗੂਆਂ ਦੇ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਵੰਗਾਰ ਰੈਲੀ ਦੌਰਾਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਵੀ ਅਜਿਹੀ ਪਾਬੰਦੀ ਦੇ ਘੇਰੇ ’ਚ ਸ਼ਾਮਲ ਕਰਨ ਦੀ ਚਿਤਾਵਨੀ ਦਿੱਤੀ ਹੈ। ਵਾਈਸ ਚਾਂਸਲਰ ਡਾ. ਅਰਵਿੰਦ ਨੇ ਦੱਸਿਆ ਕਿ ਜਮਹੂਰੀ ਤਰੀਕੇ ਰੋਸ ਪ੍ਰਦਰਸ਼ਨ ਕਰਨਾ ਵਿਦਿਆਰਥੀਆਂ ਦਾ ਹੱਕ ਹੈ ਪਰ ਇਹ ਵੀ ਅਹਿਮ ਹੈ ਕਿ ਕਾਂਗਰਸ ਸਰਕਾਰ ਪੜਾਅਵਾਰ ਯੂਨੀਵਰਸਿਟੀ ਨੂੰ ਗ੍ਰਾਂਟ ਜਾਰੀ ਕਰ ਰਹੀ ਹੈ। ਭਾਵੇਂ ਯੂਨੀਵਰਸਿਟੀ ਵੱਡੇ ਵਿੱਤੀ ਬੋਝ ਹੇਠ ਹੈ ਪਰ ਇਸ ਦਾ ਹੱਲ ਗੱਲਬਾਤ ਰਾਹੀਂ ਹੀ ਸੰਭਵ ਹੋਵੇਗਾ।