ਨਿੱਜੀ ਪੱਤਰ ਪ੍ਰੇਰਕ
ਜਲੰਧਰ, 13 ਅਗਸਤ
ਆਮ ਆਦਮੀ ਪਾਰਟੀ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਜਸਟਿਸ ਜੋਰਾ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਸਰਕਾਰ ਬਣਨ ’ਤੇ ਉਨ੍ਹਾਂ ਦੀ ਅਗਵਾਈ ਵਿਚ ਜਿਹੜਾ ਜਾਂਚ ਕਮਿਸ਼ਨ ਬਣਿਆ ਸੀ ਉਸ ਦੀ ਰਿਪੋਰਟ ਜਨਤਕ ਕੀਤੀ ਜਾਵੇਗੀ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਜ ਇਥੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੱਤਾ ਵਿਚ ਰਹਿੰਦਿਆਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਬਹਿਬਲ ਕਲਾਂ ਬੇਅਦਬੀ ਅਤੇ ਗੋਲੀ ਕਾਂਡ ਵਿਚ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ। ਜਸਟਿਸ ਜੋਰਾ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਜਿਹੜੀ ਜਾਂਚ ਕੀਤੀ ਸੀ ਉਹ ਉਸ ਵੇਲੇ ਸੱਤਾਧਾਰੀ ਧਿਰ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ ਜਾਂਦੀ ਸੀ। ਇਸੇ ਕਰਕੇ ਬਾਦਲ ਸਰਕਾਰ ਨੇ ਉਨ੍ਹਾਂ ਵੱਲੋਂ ਕੀਤੀ ਗਈ ਜਾਂਚ ਨੂੰ ਜਨਤਕ ਨਹੀਂ ਕੀਤਾ ਅਤੇ ਹੁਣ ਕਾਂਗਰਸ ਦੀ ਸੂਬਾ ਸਰਕਾਰ ਵੀ ਅਕਾਲੀ ਦਲ ਦੀ ਹਮਾਇਤ ਕਰ ਰਹੀ ਹੈ। ਇਸੇ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸਨ ਦੇ ਦਫਤਰ ਵਿੱਚ ਆਮ ਆਦਮੀ ਪਾਰਟੀ ਦੇ ਲੀਗਲ ਸੈਲ ਦੀ ਇਕ ਬੈਠਕ ਜਸਟਿਸ ਜੋਰਾ ਸਿੰਘ ਅਤੇ ਲੀਗਲ ਸੈੱਲ ਦੇ ਸੂਬਾ ਸਕੱਤਰ ਕਸ਼ਮੀਰ ਸਿੰਘ ਮੱਲ੍ਹੀ ਨੇ ਦੀ ਅਗਵਾਈ ਹੇਠ ਹੋਈ।