ਜਸਵੀਰ ਸਿੰਘ ਭੁੱਲਰ
ਦੋਦਾ, 13 ਅਗਸਤ
ਠੇਕਾ ਸੰਘਰਸ਼ ਕਮੇਟੀ ਪਾਵਰਕੌਮ ਜ਼ੋਨ ਬਠਿੰਡਾ ਦੇ ਸੱਦੇ ਉਤੇ ਠੇਕਾ ਅਧੀਨ ਕੰਮ ਕਰਦੇ ਬਿਜਲੀ ਕਾਮਿਆਂ ਨੇ ਅੱਜ ਉਪ ਮੰਡਲ ਦਫਤਰ ਦੋਦਾ ਅੱਗੇ ਗੇਟ ਰੈਲੀ ਕੀਤੀ। ਇਸ ਮੌਕੇ ਕਰਮਜੀਤ ਸਿੰਘ ਤੇ ਗੁਰਦਿੱਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ ਜਿਸ ਵਿਚ ਕਿਸੇ ਵੀ ਜਥੇਬੰਦੀ ਵੱਲੋਂ ਧਰਨਾ, ਰੋਸ ਮੁਜ਼ਾਹਰਾ ਕਰਨ ਉਤੇ ਪਰਚੇ ਦਰਜ ਕੀਤੇ ਜਾਣ ਦੀ ਵਿਰੋਧਤਾ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਇਹ ਨਾਦਰਸ਼ਾਹੀ ਫਰਮਾਨ ਤੁਰੰਤ ਵਾਪਸ ਲਏ ਜਾਣ ਅਤੇ 2016 ਐਕਟ ਲਾਗੂ ਕੀਤਾ ਜਾਵੇ, ਕੱਚੇ ਮੁਲਾਜਮ ਪੱਕੇ ਕੀਤੇ ਜਾਣ, ਉਨਾਂ ਸਰਕਾਰ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਨੂੰ ਅੱਗ ਲਾਈ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਭੁੱਚੋ ਮੰਡੀ (ਪਵਨ ਗੋਇਲ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਕੌਮੀ ਮਾਰਗ ਦੀ ਸਰਵਿਸ ਰੋਡ ’ਤੇ ਸੰਘਰਸ਼ੀ ਲੋਕਾਂ ਨੂੰ ਜੇਲ੍ਹਾਂ ਵਿੱਚ ਡੱਕੇ ਜਾਣ ਦੇ ਕੀਤੇ ਤਾਨਾਸ਼ਾਹੀ ਹੁਕਮਾਂ ਦੀਆਂ ਕਾਪੀਆਂ ਸਾੜੀਆਂ ਅਤੇ ਕੈਪਟਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਠੇਕਾ ਮੁਲਾਜਮਾਂ ਨੇ ਥਰਮਲ ਦੇ ਮੁੱਖ ਗੇਟ ਅੱਗੇ ਰੈਲੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਠੇਕਾ ਮੁਲਾਜ਼ਮ ਆਜ਼ਾਦੀ ਦਿਹਾੜੇ ਮੌਕੇ ਪਰਿਵਾਰਾਂ ਸਮੇਤ ਕਾਲੇ ਚੋਲੇ ਪਾ ਕੇ ਕਾਲੇ ਝੰਡਿਆਂ ਨਾਲ ਚੌਕਾਂ ਵਿੱਚ ਖੜ੍ਹ ਕੇ ਪ੍ਰਦਰਸ਼ਨ ਅਤੇ ਸ਼ਹਿਰਾਂ ਵਿੱਚ ਰੋਸ ਮਾਰਚ ਕਰਨਗੇ। ਉਨ੍ਹਾਂ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ। ਇਸ ਮੌਕੇ ਪ੍ਰਧਾਨ ਜਗਰੂਪ ਸਿੰਘ ਅਤੇ ਜਨਰਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਸੰਬੋਧਨ ਕੀਤਾ।
ਵੱਖ-ਵੱਖ ਯੂਨੀਅਨਾਂ ਵੱਲੋਂ ਬਿਜਲੀ ਦਫਤਰ ਅੱਗੇ ਧਰਨਾ
ਜ਼ੀਰਾ (ਪੱਤਰ ਪ੍ਰੇਰਕ): ਇੱਥੇ ਯੂਟੀ ਦੇ ਸੱਦੇ ’ਤੇ ਜੁਆਇੰਟ ਫੋਰਮ ਅਤੇ ਪੈਨਸ਼ਨਰਜ਼ ਤਾਲਮੇਲ ਕਮੇਟੀ ਵੱਲੋਂ ਬਿਜਲੀ ਦਫਤਰ ਜ਼ੀਰਾ ਵਿੱਚ ਮਾਸਟਰ ਜਗੀਰ ਸਿੰਘ ਦੀ ਪ੍ਰਧਾਨਗੀ ਹੇਠ ਆਪਣੀਆਂ ਹੱਕੀ ਮੰਗਾਂ ਸਬੰਧੀ ਰੋਸ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਜਲਦੀ ਮੰਗਾਂ ਮੰਨਣ ਦੀ ਅਪੀਲ ਕੀਤੀ। ਇਸ ਮੌਕੇ ਬਖਸ਼ੀਸ਼ ਸਿੰਘ ਪੈਨਸ਼ਨਰ ਐਸੋਸੀਏਸ਼ਨ ਮੰਡਲ ਜ਼ੀਰਾ, ਬਿੱਕਰ ਸਿੰਘ, ਗੁਰਜੰਟ ਸਿੰਘ, ਸੂਬਾ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ ਹਾਜ਼ਰ ਸਨ।