ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਅਗਸਤ
ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿਚ ਅੱਜ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿੱਚ ਸੈਂਕੜੇ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਮੁਲਾਜ਼ਮ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ, ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਣੇ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ 20 ਅਗਸਤ ਨੂੰ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਆਗੂਆਂ ਦੇ ਘਰਾਂ ਵੱਲ ਕੀਤੇ ਜਾਣ ਵਾਲੇ ਰੋਸ ਮਾਰਚਾਂ ਵਿੱਚ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ।
ਅਜਨਾਲਾ (ਸੁਖਦੇਵ ਸਿੰਘ): ਪੰਜਾਬ ਐਂਡ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਜਨਾਲਾ ਵੱਲੋਂ ਅੱਜ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਅਣਗੌਲਿਆਂ ਕਰਨ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ।
ਰਈਆ (ਪੱਤਰ ਪ੍ਰੇਰਕ): ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਅਗਵਾਈ ਵਿੱਚ ਤਹਿਸੀਲ ਬਾਬਾ ਬਕਾਲਾ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਤਹਿਸੀਲ ਕੰਪਲੈਕਸ ਵਿਚ ਰੈਲੀ ਕਰਨ ਤੋਂ ਬਾਅਦ ਸ਼ਹਿਰ ਦੇ ਬਾਜ਼ਾਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।
ਪਠਾਨਕੋਟ (ਐਨ.ਪੀ.ਧਵਨ): ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਸ਼ਾਹਪੁਰਕੰਡੀ ਡੈਮ ਦੇ ਮੁੱਖ ਇੰਜਨੀਅਰ ਦਫ਼ਤਰ ਦੇ ਅੱਗੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਤੇ ਪੰਜਾਬ ਸਰਕਾਰ ਦੀ ਲਟਕਾਊ ਨੀਤੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਧਰਨਾ ਦਿੱਤਾ।
ਤਰਨ ਤਾਰਨ (ਗੁਰਬਖਸ਼ਪੁਰੀ): ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਸੇਵਾਮੁਕਤ ਕਰਮਚਾਰੀਆਂ ਦੀਆਂ ਜਥੇਬੰਦੀਆਂ ਨੇ ਅੱਜ ਸਰਕਾਰ ਖ਼ਿਲਾਫ਼ ਮੁਜ਼ਾਹਰੇ ਕੀਤੇ| ਧਰਨਾਕਾਰੀਆਂ ਨੇ ਸੂਬਾ ਸਰਕਾਰ ਤੇ ਵਿੱਤ ਮੰਤਰੀ ਦੀਆਂ ਅਰਥੀਆਂ ਸਾੜੀਆਂ ਤੇ ਰੋਸ ਮਾਰਚ ਕੀਤੇ|
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਗੜ੍ਹਸ਼ੰਕਰ ਦੇ ਸੈਂਕੜੇ ਮੁਲਾਜ਼ਮਾਂ ਨੇ ਫਰੰਟ ਦੇ ਸੂਬਾਈ ਆਗੂਆਂ ਰਾਮ ਜੀ ਦਾਸ, ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਵਿਚ ਐਸਡੀਐਮ ਦਫ਼ਤਰ ਵਿਚ ਰੈਲੀ ਕੀਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੀ ਅਗਵਾਈ ਹੇਠ ਮਿਨੀ ਸਕੱਤਰੇਤ ਦੇ ਬਾਹਰ ਤਹਿਸੀਲ ਪੱਧਰੀ ਰੋਸ ਰੈਲੀ ਕੀਤੀ।
ਤਲਵਾੜਾ (ਦੀਪਕ ਠਾਕੁਰ): ਇੱਥੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਪਸਸਫ਼ ਆਗੂ ਰਾਜੀਵ ਸ਼ਰਮਾ ਤੇ ਪੈਨਸ਼ਨਰ ਦੇ ਤਹਿਸੀਲ ਪ੍ਰਧਾਨ ਗਿਆਨ ਸਿੰਘ ਗੁਪਤਾ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ ਗਿਆ।
ਬਲਾਚੌਰ (ਗੁਰਦੇਵ ਸਿੰਘ ਗਹੂੰਣ): ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਅਨਾਜ ਮੰਡੀ ਬਲਾਚੌਰ ਵਿਚ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ ਅਤੇ ਧਰਨੇ ਉਪਰੰਤ ਬਲਾਚੌਰ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਗਿਆ।
ਪਠਾਨਕੋਟ (ਐਨ.ਪੀ. ਧਵਨ): ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਦੇ ਚੇਅਰਮੈਨ ਸਤੀਸ਼ ਸ਼ਰਮਾ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਫਗਵਾੜਾ (ਜਸਬੀਰ ਸਿੰਘ ਚਾਨਾ): ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਖ਼ਿਲਾਫ਼ ਸੈਂਕੜੇ ਮੁਲਾਜ਼ਮਾਂ ਵੱਲੋਂ ਸਥਾਨਕ ਕਮੇਟੀ ਘਰ ਪਾਰਕ ਵਿਚ ਰੈਲੀ ਕਰਨ ਤੋਂ ਬਾਅਦ ਸ਼ਹਿਰ ’ਚ ਮੁਜ਼ਾਹਰਾ ਕੀਤਾ ਗਿਆ।
ਆਸ਼ਾ ਵਰਕਰਜ਼ ਤੇ ਫੈਸਿਲੀਟੇਟਰਜ਼ ਨੇ ਸਰਕਾਰ ਦਾ ਪੁਤਲਾ ਫੂਕਿਆ
ਗੁਰਦਾਸਪੁਰ (ਜਤਿੰਦਰ ਬੈਂਸ): ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਵੱਲੋਂ ਬਲਵਿੰਦਰ ਕੌਰ ਅਲੀ ਸ਼ੇਰ ਅਤੇ ਜਰਨਲ ਸਕੱਤਰ ਗੁਰਵਿੰਦਰ ਕੌਰ ਬਹਿਰਾਮਪੁਰ ਦੀ ਅਗਵਾਈ ਹੇਠ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਸ਼ਾ ਵਰਕਰਜ ਅਤੇ ਫੈਸਿਲੀਟੇਟਰਜ਼ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਆਗੂ ਬਲਵਿੰਦਰ ਕੌਰ ਰਾਵਲਪਿੰਡੀ ਨੇ ਦੱਸਿਆ ਕਿ 15 ਅਗਸਤ ਨੂੰ ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਪਟਿਆਲਾ ਵਿਚ ਕਾਲ਼ੇ ਝੰਡਿਆਂ ਨਾਲ ਪ੍ਰਦਰਸਨ ਕੀਤਾ ਜਾਵੇਗਾ।