ਨਿੱਜੀ ਪੱਤਰ ਪ੍ਰੇਰਕ
ਰਾਮਪੁਰਾ ਫੂਲ, 13 ਅਗਸਤ
ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਲਾਗੂ ਨਾ ਕਰਨ ਖ਼ਿਲਾਫ਼ ਅਤੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈੱਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਅੱਜ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ’ ਦੀ ਅਗਵਾਈ ਵਿਚ ਮੁਲਾਜ਼ਮਾਂ ਵੱਲੋਂ ਸਥਾਨਕ ਤਹਿਸੀਲ ਫੂਲ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ਦੇ ਬੱਸ ਸਟੈਂਡ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਐਲਾਨ ਕੀਤਾ ਕਿ 20 ਅਗਸਤ ਨੂੰ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਮਹੱਤਵਪੂਰਨ ਆਗੂਆਂ ਦੇ ਘਰਾਂ ਵੱਲ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਰੋਸ ਮਾਰਚਾਂ ਵਿੱਚ .ਫੂਲ ਤਹਿਸੀਲ ਦੇ ਸੈਂਕੜੇ ਮੁਲਾਜ਼ਮ ਸ਼ਾਮਲ ਹੋਣਗੇ।
ਕੋਟਕਪੂਰਾ (ਨਿੱਜੀ ਪੱਤਰ ਪ੍ਰੇਰਕ): ਅੱਜ ਸਥਾਨਕ ਉਪ ਮੰਡਲ ਮੈਜਿਸਟਰੇਟ ਦਫ਼ਤਰ ਸਾਹਮਣੇ ਮਿਉਂਸਪਲ ਪਾਰਕ ਵਿਖੇ ਸਰਕਾਰੀ ਵਿਭਾਗਾਂ ਦੇ ਦਰਜਾ ਤਿੰਨ ਤੇ ਚਾਰ ਮੁਲਾਜ਼ਮਾਂ , ਅਧਿਆਪਕਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਤਿੱਖੀ ਨਾਅਰੇਬਾਜ਼ੀ ਕੀਤੀ। ਤਿੱਖਾ ਪ੍ਰਦਰਸ਼ਨ ਕਰਕੇ ਕਰਕੇ ਮੁੱਖ ਮੰਤਰੀ ਪੰਜਾਬ ਦੇ ਨਾਂ ਐੱਸ.ਡੀ.ਐੱਮ ਕੋਟਕਪੂਰਾ ਰਾਹੀਂ ਮੰਗ ਪੱਤਰ ਭੇਜਿਆ। ਐਕਸ਼ਨ ਦਾ ਸੱਦਾ ਪੰਜਾਬ ਯੂ ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤਾ ਗਿਆ ਸੀ ।ਆਗੂਆਂ ਨੇ ਅਧਿਕਾਰੀਆਂ ਦੇ ਮੀਟਿੰਗ ਵਿੱਚੋਂ ਉਠ ਕੇ ਚਲੇ ਜਾਣ ਦੇ ਧੌਂਸਵਾਦੀ ਰਵਈਏ ਦੀੋਂ ਸਖ਼ਤ ਨਿਖੇਧੀ ਕੀਤੀ .
ਬਰਨਾਲਾ (ਖੇਤਰੀ ਪ੍ਰਤੀਨਿਧ): ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ ’ਤੇ ਅੱਜ ਇੱਥੇ ਐੱਸ.ਡੀ.ਐਮ. ਦਫ਼ਤਰ ਅੱਗੇ ਮੁਲਾਜ਼ਮ ਮੰਗਾਂ ਪ੍ਰਤੀ ਸੂਬਾ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਮੰਗ ਪੱਤਰ ਵੀ ਸੌਂਪਿਆ।
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਅੱਜ ਤਲਵੰਡੀ ਸਾਬੋ ਤਹਿਸੀਲ ਦੇ ਵੱਡੀ ਗਿਣਤੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਥਾਨਕ ਭਾਈ ਡੱਲ ਸਿੰਘ ਪਾਰਕ ਵਿੱਚ ਰੈਲੀ ਕਰਨ ਤੋਂ ਬਾਅਦ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕਰਦਿਆਂ ਖੰਡਾ ਚੌਕ ’ਚ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਨੂੰ ਮੁਲਾਜ਼ਮ ਮੰਗਾਂ ਮੰਨਣ ਦੀ ਅਪੀਲ ਕੀਤੀ।