ਮਨੋਜ ਸ਼ਰਮਾ
ਬਠਿੰਡਾ, 13 ਅਗਸਤ
ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਬਠਿੰਡਾ ਵੱਲੋਂ ਸਿਵਲ ਸਰਜਨ ਦਫ਼ਤਰ ਬਠਿੰਡਾ ਅੱਗੇ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ ਚੌਥੇ ਦਿਨ ਵਿੱਚ ਸ਼ਾਮਲ ਹੋ ਗਿਆ। ਜਥੇਬੰਦੀ ਦੇ ਆਗੂ ਗਗਨਦੀਪ ਸਿੰਘ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਕਰੋਨਾ ਯੋਧਿਆਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ। ਜਥੇਬੰਦੀ ਨੇ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਸਿਵਲ ਹਸਪਤਾਲ ਦੀਆਂ ਸੇਵਾਵਾਂ ਬੰਦ ਕੀਤੀਆਂ ਗਈਆਂ। ਤਾਲਮੇਲ ਕਮੇਟੀ ਪੈਰਾਮੈਡੀਕਲ ਆਗੂ ਗਗਨਦੀਪ ਸਿੰਘ ਨੇ ਕਿਹਾ ਸਿਵਲ ਸਰਜਨ ਬਠਿੰਡਾ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਜ਼ੁਬਾਨੀ ਅਤੇ ਲਿਖਤੀ ਰੂਪ ਵਿਚ ਇਹ ਮਾਮਲਾ ਧਿਆਨ ਵਿੱਚ ਲਿਆਂਦਾ ਗਿਆ ਸੀ ਪਰ ਉਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਪਿਛਲੇ ਦਿਨੀਂ ਜਦੋਂ ਜਥੇਬੰਦੀ ਨੇ ਬਠਿੰਡਾ ਪਹੁੰਚੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਜੀਬੀ ਸਿੰਘ ਨਾਲ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਹੋਈ ਸੀ ਤਾਂ ਉਨ੍ਹਾਂ ਨੇ ਇਕ ਹਫ਼ਤੇ ਵਿੱਚ ਤਨਖ਼ਾਹਾਂ ਜਾਰੀ ਕਰਨ ਦੇ ਭਰੋਸੇ ’ਤੇ ਧਰਨਾ ਚੁਕਵਾਇਆ ਸੀ ਪਰ ਅੱਜ ਪੰਦਰਾਂ ਦਿਨ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ ਅੱਜ ਦੇ ਇਸ ਧਰਨੇ ਵਿੱਚ ਜਸਵਿੰਦਰ ਸ਼ਰਮਾ, ਕੁਲਵਿੰਦਰ ਸਿੰਘ, ਦਰਸ਼ਨ ਸਿੰਘ ਖਾਲਸਾ,ਹਾਕਮ ਸਿੰਘ, ਸੰਜੀਵ ਕੁਮਾਰ, ਸਵਰਨ ਕੌਰ ਸ਼ਾਮਲ ਸਨ।