ਪਠਾਨਕੋਟ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਜ਼ਮੀਨਦੋਜ਼ ਨਾਲੀਆਂ ਪਾਉਣ ਦੀ ਸਕੀਮ ਲਈ ਮਨਜ਼ੂਰੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ ਜ਼ਮੀਨਦੋਜ਼ ਪਾਈਪਾਂ ਵਿਛਾਉਣ ’ਤੇ 50 ਪ੍ਰਤੀਸ਼ਤ ਸਬਸਿਡੀ ਮਿਲੇਗੀ। ਇਸ ਮੌਕੇ ਭੂਮੀ ਜਲ ਸੰਭਾਲ ਵਿਭਾਗ ਦੇ ਐਕਸੀਅਨ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ। ਮੰਤਰੀ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਕਿਸਾਨਾਂ ਦੀ ਮੰਗ ਸੀ ਕਿ ਖੇਤਾਂ ਵਿੱਚ ਜ਼ਮੀਨਦੋਜ਼ ਪਾਈਪਾਂ ਵਿਛਾਉਣ ਲਈ ਸਬਸਿਡੀ ਜਾਰੀ ਕੀਤੀ ਜਾਵੇ ਅਤੇ ਜ਼ਿਲ੍ਹਾ ਪਠਾਨਕੋਟ ਵਿੱਚ ਪਿਛਲੇ 10 ਸਾਲਾਂ ਤੋਂ ਜ਼ਮੀਨਦੋਜ਼ ਨਾਲੀਆਂ ਲਈ ਸਬਸਿਡੀ ਨਹੀਂ ਆਈ ਸੀ। ਇਸ ਸਬੰਧ ਵਿੱਚ ਜਲ ਸੰਭਾਲ ਵਿਭਾਗ ਵੱਲੋਂ ਇੱਕ ਤਜਵੀਜ਼ ਬਣਾ ਕੇ ਪੰਜਾਬ ਸਰਕਾਰ ਨੂੰ ਭੇਜੀ ਗਈ ਸੀ ਜੋ ਮਨਜ਼ੂਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਜ਼ਿਮੀਂਦਾਰ ਇਸ ਸਕੀਮ ਦਾ ਲਾਭ ਲੈ ਸਕੇਗਾ। -ਪੱਤਰ ਪ੍ਰੇਰਕ