ਪੱਤਰ ਪ੍ਰੇਰਕ
ਰਤੀਆ, 23 ਜਨਵਰੀ
ਪਿੰਡ ਰੋਝਾਂਵਾਲੀ ਨੇੜੇ ਭਾਖੜਾ ਨਹਿਰ ਵਿੱਚ ਡਿੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਇਕ ਨੌਜਵਾਨ ਪਿੰਡ ਰੋਝਾਂਵਾਲੀ ਤੋਂ ਲੰਘਣ ਵਾਲੀ ਭਾਖੜਾ ਨਹਿਰ ਵਿੱਚ ਡਿੱਗ ਗਿਆ ਅਤੇ ਉਸ ਦੇ ਨਹਿਰ ਵਿੱਚ ਡਿੱਗਣ ਬਾਰੇ ਜਦੋਂ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਉਸ ਦੀ ਭਾਲ ਸ਼ੁਰੂ ਕਰਕੇ ਪੁਲੀਸ ਨੂੰ ਸੂਚਿਤ ਕੀਤਾ। ਇਸ ਦੌਰਾਨ ਪੁਲੀਸ ਨੇ ਗੋਤਾਖੋਰਾਂ ਦੀ ਮਦਦ ਨਾਲ ਨੌਜਵਾਨ ਦੀ ਭਾਲ ਕੀਤੀ ਤਾਂ ਬਾਅਦ ਦੁਪਹਿਰ ਥੋੜ੍ਹੀ ਦੂਰੀ ਤੋਂ ਨੌਜਵਾਨ ਦੀ ਲਾਸ਼ ਮਿਲ ਗਈ। ਪੁਲੀਸ ਵੱਲੋਂ ਮ੍ਰਿਤਕ ਦੇ ਮੋਟਰਸਾਈਕਲ ਦੇ ਨੰਬਰ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕਰਨ ’ਤੇ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬੋਹਾ ਜ਼ਿਲ੍ਹਾ ਮਾਨਸਾ (ਪੰਜਾਬ) ਵਜੋਂ ਹੋਈ ਹੈ। ਪੁਲੀਸ ਨੇ ਹਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।