ਹਰਪਾਲ ਨਾਗਰਾ
ਫਤਿਹਗੜ੍ਹ ਚੂੜੀਆਂ, 23 ਜਨਵਰੀ
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਬਲਾਕ ਫਤਿਹਗੜ੍ਹ ਚੂੜੀਆਂ ਵਲੋਂ ਜਿਲ੍ਹਾ ਪ੍ਰਧਾਨ ਸ਼ਬੇਗ ਸਿੰਘ ਠੱਠਾ ਦੀ ਅਗਵਾਈ ਵਿਚ ਨਵੀਂ ਬਲਾਕ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਥੇਬੰਦੀ ਵੱਲੋਂ ਪੁਰਾਣੀ ਕਮੇਟੀ ਭੰਗ ਕਰਕੇ ਨਵੀਂ ਬਲਾਕ ਕਮੇਟੀ ਦੀ ਚੋਣ ਕਰਵਾਈ ਗਈ। ਨਵੀਂ ਕਮੇਟੀ ਵਿਚ ਹਰਜੰਤ ਸਿੰਘ ਪੰਨਵਾਂ ਪ੍ਰਧਾਨ, ਭੁਪਿੰਦਰ ਸਿੰਘ ਸਕੱਤਰ, ਮਹਿੰਦਰ ਸਿੰਘ ਖਹਿਰਾ ਸੀਨੀਅਰ ਮੀਤ ਪ੍ਰਧਾਨ, ਰਣਜੀਤ ਸਿੰਘ ਖਜਾਨੇ ਕੋਟ ਖਜਾਨਚੀ, ਪਰਮਜੀਤ ਸਿੰਘ ਮੀਤ ਪ੍ਰਧਾਨ, ਹਰਪਿੰਦਰ ਸਿੰਘ ਪਕੀਵਾਂ ਸਹਾਇਕ ਸਕੱਤਰ, ਮਲੂਕ ਸਿੰਘ ਸਹਾਇਕ ਖਜਾਨਚੀ, ਮਨਵੀਰ ਸਿੰਘ ਪ੍ਰੈੱਸ ਸਕੱਤਰ ਅਤੇ ਜਸਵੰਤ ਸਿੰਘ ਤੇਜਾ ਸੰਗਠਨ ਸਕੱਤਰ ਚੁਣੇ ਗਏ। ਇਸ ਮੌਕੇ ਦਰਜਨਾਂ ਪਿੰਡਾਂ ਤੋਂ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦਾਦੂਯੋਧ, ਮਾਸਟਰ ਗੁਰਚਰਨ ਸਿੰਘ ਟਾਹਲੀ ਨੇ ਜ਼ੀਰਾ ਸ਼ਰਾਬ ਫੈਕਟਰੀ ਵਿਰੁੱਧ ਚੱਲ ਰਹੇ ਸੰਘਰਸ਼ ਅਤੇ ਗੁਰਦਾਸਪੁਰ ਕਲਾਨੌਰ ਸੜਕ ’ਤੇ ਬਣ ਰਹੇ ਟੌਲ ਪਲਾਜ਼ਾ ਵਿਰੁੱਧ ਜਾਰੀ ਸੰਘਰਸ਼ ਬਾਰੇ ਜਾਣਕਾਰੀ ਦਿੱਤੀ।
ਟਰੈਕਟਰ ਰੈਲੀ ’ਚ ਸ਼ਾਮਲ ਹੋਣ ਬਾਰੇ ਚਰਚਾ
ਚੇਤਨਪੁਰਾ (ਪੱਤਰ ਪ੍ਰੇਰਕ): ਕਿਰਤੀ ਕਿਸਾਨ ਯੂਨੀਅਨ (ਪੰਜਾਬ) ਜ਼ਿਲਾ ਕਮੇਟੀ ਦੀ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਭਾਲ ਸਿੰਘ ਛੀਨਾਂ ਦੀ ਪ੍ਰਧਾਨਗੀ ਹੇਠ ਸ਼ਹੀਦ ਬਲਦੇਵ ਸਿੰਘ ਮਾਨ ਯਾਦਗਾਰੀ ਦਫਤਰ ਅੱਡਾ ਕੁੱਕੜਾਂਵਾਲਾ ਵਿੱਚ ਹੋਈ ਜਿਸ ਵਿੱਚ ਜ਼ਿਲ੍ਹੇ ਦੇ ਪ੍ਰਮੁੱਖ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਜਨਵਰੀ ਨੂੰ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਵਿੱਚ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਵਰਕਰ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ। ਇਸ ਦੌਰਾਨ ਯੂਨੀਅਨ ਦੀ ਮੀਟਿੰਗ ਵਿੱਚ ਪਾਸ ਕੀਤੇ ਗਏ ਮਤੇ ਅਨੁਸਾਰ ਪਿੰਡਾਂ ਵਿੱਚ ਜਥੇਬੰਦਕ ਤਾਕਤ ਮਜ਼ਬੂਤ ਕੀਤੀ ਜਾਵੇਗੀ।