ਪੱਤਰ ਪ੍ਰੇਰਕ
ਜ਼ੀਰਾ, 23 ਜਨਵਰੀ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਪਿੰਡ ਲੌਗੋਦੇਵਾ ਵਿੱਚ ਹੋਈ। ਇਸ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਰੂਰਲ ਹੈਲਥ ਸੈਂਟਰ ਪਿੰਡ ਲੌਂਗੋਦੇਵਾ ਦੇ ਸਾਰੇ ਸਟਾਫ ਨੂੰ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕ ਵਿੱਚ ਭੇਜਣ ਦੇ ਫੈਸਲੇ ਦਾ ਯੂਨੀਅਨ ਦੇ ਆਗੂਆਂ ਅਤੇ ਪਿੰਡ ਵਾਸੀਆਂ ਵੱਲੋਂ ਵਿਰੋਧ ਕੀਤਾ ਗਿਆ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਹੈਲਥ ਸੈਂਟਰ ਨੂੰ ਪਿੰਡ ਵਿਚ ਹੀ ਚਾਲੂ ਰੱਖਿਆ ਜਾਵੇ ਤਾਂ ਜੋ ਪਿੰਡ ਵਾਸੀ ਇਸ ਹੈਲਥ ਸੈਂਟਰ ਦਾ ਲਾਭ ਉਠਾ ਸਕਣ। ਇਸ ਸੈਂਟਰ ਨੂੰ ਅਪਗ੍ਰੇਡ ਕਰਕੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਮੁਹੱਲਾ ਕਲੀਨਿਕਾਂ ਲਈ ਨਵੇਂ ਡਾਕਟਰ ਭਰਤੀ ਕਰੇ। ਪਿੰਡ ਲੌਂਗੋਦੇਵਾ ਦੇ ਹੈਲਥ ਸੈਂਟਰ ਵਿਚ ਜੋ ਸਟਾਫ ਹੈ , ਉਸ ਨੂੰ ਉਸੇ ਤਰ੍ਹਾਂ ਹੀ ਰਹਿਣ ਦਿੱਤਾ ਜਾਵੇ। ਇਸ ਮੌਕੇ ਸੀਨੀਅਰ ਆਗੂ ਦਰਸ਼ਨ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਹਰਪ੍ਰੀਤ ਸਿੰਘ ਲੌਂਗੋਦੇਵਾ, ਜਸਪ੍ਰੀਤ ਸਿੰਘ ਇਕਾਈ ਪ੍ਰਧਾਨ, ਤਰਲੋਕ ਸਿੰਘ, ਜਗਰੂਪ ਸਿੰਘ ਹਾਜ਼ਰ ਸਨ।
ਰੈਗੂਲਰ ਹੋਣ ਤੱਕ ਮੁਹੱਲਾ ਕਲੀਨਿਕਾਂ ’ਚ ਡਿਊਟੀ ਦਾ ਵਿਰੋਧ
ਮੋਗਾ (ਨਿੱਜੀ ਪੱਤਰ ਪ੍ਰੇਰਕ): ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ ਦੀ ਅਗਵਾਈ ਹੇਠ ਸੇਵਾਵਾਂ ਰੈਗੂਲਰ ਕਰਨ ਤੋਂ ਪਹਿਲਾਂ ਮੁਹੱਲਾ ਕਲੀਨਿਕਾਂ ਵਿੱਚ ਡਿਊਟੀ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਦੇ ਨਾਮ ਡੀਸੀ ਨੂੰ ਮੰਗ ਪੱਤਰ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਸਾਲ 2006 ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਬਤੌਰ ਫਰਮਾਸਿਸਟ ਠੇਕੇ ’ਤੇ ਕੰਮ ਕਰ ਰਹੇ ਹਨ ਤੇ ਉਨ੍ਹਾਂ ਨੂੰ ਨਿਗੂਣੀਆਂ ਤਨਖਾਹਾਂ ਮਿਲ ਰਹੀਆਂ ਹਨ। ਉਨ੍ਹਾਂ ਆਖਿਆ ਕਿ ਉਹ ਆਪਣੀ ਜਾਨ ਜੋਖਮ ਵਿਚ ਪਾ ਕੇ ਕਰੋਨਾ ਕਾਲ ਆਦਿ ਸਮੇ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਮੁਹੱਲਾ ਕਲੀਨਿਕਾਂ ਵਿੱਚ ਵਧੀਆ ਸੇਵਾਵਾਂ ਦੇ ਸਕਦੇ ਹਨ ਜੇ ਉਨ੍ਹਾਂ ਨੂੰ ਸਰਕਾਰ ਰੈਗੂਲਰ ਕਰਨ ਅਤੇ ਹੋਰ ਮੰਗਾਂ ਮੰਨ ਕੇ ਮੁਹੱਲਾ ਕਲੀਨਿਕਾਂ ਵਿਚ ਭੇਜੇ।