ਪ੍ਰਭੂ ਦਿਆਲ
ਸਿਰਸਾ, 24 ਜਨਵਰੀ
ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਤੇ ਹੋਰ ਮੰਗਾਂ ਦੀ ਪੂਰਤੀ ਲਈ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨਾਂ ਦਾ ਪੱਕਾ ਮੋਰਚਾ ਜਿਥੇ ਮਿੰਨੀ ਸਕੱਤਰੇਤ ਦੇ ਬਾਹਰ ਜਾਰੀ ਹੈ, ਉਥੇ ਹੀ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ ’ਤੇ ਕੀਤੀ ਜਾਣ ਵਾਲੀ ਝੰਡਾ ਤੇ ਟਰੈਕਟਰ ਪਰੇਡ ਦੀ ਤਿਆਰੀ ਖਿੱਚ ਦਿੱਤੀ ਹੈ। ਕਿਸਾਨ ਆਗੂਆਂ ਵੱਲੋਂ ਝੰਡਾ ਪਰੇਡ ਨੂੰ ਸਫ਼ਲ ਬਣਾਉਣ ਲਈ ਪਿੰਡ-ਪਿੰਡ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਸਾਲ 2020 ਦੀ ਸਾਊਣੀ ਫ਼ਸਲਾ ਦਾ 258 ਕਰੋੜ ਰੁਪਏ ਦਾ ਮੁਆਵਜ਼ਾ ਤੇ ਹੋਰ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਤਹਿਤ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬੀਕੇਈ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਕਿਸਾਨ ਨੁਕਸਾਨੀਆਂ ਫ਼ਸਲਾਂ ਤੇ ਹੋਰ ਮੰਗਾਂ ਨੂੰ ਲੈ ਕੇ ਬੀਤੀ 16 ਜਨਵਰੀ ਤੋਂ ਦਿੱਲੀ ਬਾਰਡਰਾਂ ਦੀ ਤਰਜ਼ ’ਤੇ ਆਪਣੇ ਟਰੈਕਟਰ ਟਰਾਲੀਆਂ ਨਾਲ ਪੱਕਾ ਮੋਰਚਾ ਲਾਇਆ ਹੋਇਆ ਹੈ ਪਰ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੰਨਾਂ ਉੱਤੇ ਕੋਈ ਜੂੰ ਨਹੀਂ ਸਰਕ ਰਹੀ ਹੈ। ਕਿਸਾਨਾਂ ਵੱਲੋਂ ਗਣਤੰਤਰ ਦਿਵਸ ਦੇ ਮੌਕੇ ’ਤੇ ਝੰਡਾ ਤੇ ਟਰੈਕਟਰ ਪਰੇਡ ਸ਼ਾਂਤੀਪੂਰਨ ਤਰੀਕੇ ਨਾਲ ਕੀਤੀ ਜਾਵੇਗੀ। ਇਸ ਦੀ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਪਰੇਡ ਵਿੱਚ ਕਿਸਾਨ ਆਪਣੇ ਟਰੈਕਟਰਾਂ ਤੇ ਹੋਰ ਵਾਹਨਾਂ ਨਾਲ ਸ਼ਿਰਕਤ ਕਰਨਗੇ। ਕਿਸਾਨਾਂ ਤੋਂ ਇਲਾਵਾ ਮਜ਼ਦੂਰ, ਵਿਦਿਆਰਥੀ ਤੇ ਨੌਜਵਾਨ ਵੀ ਇਸ ਪਰੇਡ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਵੇਗਾ, ਉਦੋਂ ਤੱਕ ਕਿਸਾਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ’ਤੇ ਗੁਰਲਾਲ ਭੰਗੂ ਸਮੇਤ ਕਈ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।