ਜਸਵੰਤ ਜੱਸ
ਫਰੀਦਕੋਟ, 23 ਜਨਵਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫ਼ਰੀਦਕੋਟ ਦੇ ਪਿੰਡ ਗੋਲੇਵਾਲਾ ਵਿੱਚ ਸੰਤ ਬਾਬਾ ਕਸ਼ਮੀਰ ਸਿੰਘ ਦੀ ਯਾਦ ਵਿੱਚ ਕਰਵਾਏ ਜਾ ਰਹੇ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਵਿੱਚ ਸ਼ਮੂਲੀਅਤ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਵਿਸ਼ੇਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਪਿੰਡ ਵਿੱਚ ਖੇਡ ਕਲੱਬਾਂ ਨੂੰ ਸਥਾਪਿਤ ਕਰਕੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਭਟਕੇ ਹੋਏ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦਾ ਮਾਨਸਿਕ ਵਿਕਾਸ ਕੀਤਾ ਜਾ ਸਕੇ। ਟੂਰਨਾਮੈਂਟ ਦੇ ਉਦਘਾਟਨ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਫਰੀਦਕੋਟ ਵਿੱਚ ਇੱਕ ਅਤਿ ਆਧੁਨਿਕ ਸਟੇਡੀਅਮ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਬਣਾਏ ਗਏ ਖੇਡ ਮੈਦਾਨ ਅਤੇ ਸਟੇਡੀਅਮ ਆਦਿ ਦੀਆਂ ਹਾਲਤਾਂ ਸੁਧਾਰਨ ਲਈ ਵੀ ਫੰਡ ਜਲਦ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਪਿੰਡ ਗੋਲੇਵਾਲਾ ਦੇ ਖੇਡ ਕਲੱਬ ਨੂੰ ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫਰੀਦਕੋਟ ਜ਼ਿਲ੍ਹੇ ਦੇ ਜਿਹੜੇ ਪਿੰਡਾਂ ਵਿੱਚ ਸਟੇਡੀਅਮ ਨਹੀਂ ਹਨ, ਉਨ੍ਹਾਂ ਦੀ ਸੂਚੀ ਤਿਆਰ ਕਰਕੇ ਜਲਦ ਹੀ ਖੇਡ ਵਿਭਾਗ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਜਿਹੜੇ ਖੇਡ ਮੈਦਾਨਾਂ ਤੇ ਸਟੇਡੀਅਮਾਂ ਦੀ ਮੁਰੰਮਤ ਦੀ ਲੋੜ ਹੈ, ਉਨ੍ਹਾਂ ਦਾ ਤੁਰੰਤ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਲਖਵਿੰਦਰ ਸਿੰਘ ਰੰਧਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ, ਐਕਸੀਅਨ ਪੰਚਾਇਤੀ ਰਾਜ ਮਹੇਸ਼ ਗਰਗ ਹਾਜ਼ਰ ਸਨ।