ਪੱਤਰ ਪ੍ਰੇਰਕ
ਰਤੀਆ, 29 ਜਨਵਰੀ
ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇਸ਼ ਭਰ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇਗਾ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ‘ਖੇਤੀ ਬਚਾਓ’ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਮਜ਼ੋਰ ਪੈਰਵੀ ਕਾਰਨ ਸੁਪਰੀਮ ਕੋਰਟ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ, ਜਿਸ ਨੇ ਪੰਜ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਰੋਸ ਵਜੋਂ ਭਾਕਿਯੂ ਖੇਤੀ ਬਚਾਓ ਵਲੋਂ 31 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ ਫ਼ਤਿਹਾਬਾਦ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ।