ਪੱਤਰ ਪ੍ਰੇਰਕ
ਭੁੱਚੋ ਮੰਡੀ, 30 ਜਨਵਰੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰਲੇਵਾਂ ਕਰ ਕੇ ਪੱਕੇ ਕਰਵਾਉਣ ਲਈ ਇੱਕ ਫਰਵਰੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਭਰ ਵਿੱਚ ਕਾਲੀਆਂ ਝੰਡੀਆਂ ਨਾਲ਼ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਮੋਰਚੇ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ ਮੁਹੱਬਤ, ਜਗਸੀਰ ਸਿੰਘ ਭੰਗੂ ਲਹਿਰਾ ਮੁਹੱਬਤ, ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਪਵਨਦੀਪ ਸਿੰਘ, ਸਿਮਰਨਜੀਤ ਸਿੰਘ ਨੀਲੋਂ, ਸੁਰਿੰਦਰ ਕੁਮਾਰ, ਜਸਪ੍ਰੀਤ ਸਿੰਘ ਗਗਨ ਅਤੇ ਰਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਕਾਰਜਕਾਲ ਦੇ ਇੱਕ ਸਾਲ ਦੇ ਸਮੇਂ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਪੂਰਾ ਨਹੀਂ ਕੀਤਾ। ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਸਰ ਆਪਣੀਆਂ ਸਟੇਜਾਂ ਤੋਂ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਜਲਦ ਰੈਗੂਲਰ ਕਰਨ ਦੇ ਦਾਅਵੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਮੋਰਚੇ ਦੇ ਆਗੂਆਂ ਨਾਲ਼ ਲੱਗਭੱਗ 10 ਵਾਰ ਮੀਟਿੰਗਾਂ ਦਾ ਸਮਾਂ ਤੈਅ ਕਰਕੇ ਮੀਟਿੰਗਾਂ ਕਰਨ ਤੋਂ ਲਗਾਤਾਰ ਭੱਜ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਫੌਰੀ ਨੌਕਰੀ ’ਤੇ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ। ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਠੇਕਾ ਮੁਲਾਜ਼ਮਾਂ ਦੀ ਮਜ਼ਬੂਰੀ ਹੋਵੇਗੀ।