ਹਰਪ੍ਰੀਤ ਕੌਰ
ਹੁਸ਼ਿਆਰਪੁਰ, 17 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਾਸਟਰ ਸ਼ਿੰਗਾਰਾ ਸਿੰਘ ਦੀ ਅਗਵਾਈ ਹੇਠ ਅੱਡਾ ਬੁੱਲ੍ਹੋਵਾਲ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਅਤੇ ਜੀ-20 ਦੇਸ਼ਾਂ ਵਿਰੁੱਧ ਰੋਸ ਰੈਲੀ ਕੀਤੀ ਗਈ ਤੇ ਇਨ੍ਹਾਂ ਦੇ ਪੁਤਲੇ ਵੀ ਫੂਕੇ ਗਏ। ਇਸ ਮੌਕੇ ਬੋਲਦਿਆਂ ਮਾਸਟਰ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਜੀ-20 ਦੇਸ਼ਾਂ ਦੀ ਮੀਟਿੰਗ ਵਿਚ ਆਈਐਮਐਫ, ਵਿਸ਼ਵ ਬੈਂਕ ਆਦਿ ਆਲਮੀ ਅਦਾਰਿਆਂ ਰਾਹੀਂ ਲੋਕਾਂ ਨੂੰ ਲੁੱਟਣ ਦੀਆਂ ਨੀਤੀਆਂ ਤਹਿ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਬੀਜ, ਪਾਣੀ, ਵਾਤਾਵਰਨ, ਸਿੱਖਿਆ, ਸਿਹਤ ਆਦਿ ਦੀ ਪਹੁੰਚ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਰਜ਼ੇ ਦੇ ਕੇ ਸਰਕਾਰਾਂ ਰਾਹੀਂ ਲੋਕਾਂ ਨੂੰ ਲੁੱਟਣ ਦੀਆਂ ਯੋਜਨਾਵਾਂ ਬਣਾਈਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਨਾਉਣ ਦਾ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਨੂੰ ਪੰਜਾਬ ਵਿਚ ਜੀ-20 ਦੇਸ਼ਾਂ ਦਾ ਸੰਮੇਲਨ ਕਰਵਾਉਣਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਵੀ ਹੁਣ ਪਿਛਲੀਆਂ ਸਰਕਾਰਾਂ ਦਾ ਰਸਤਾ ਅਖ਼ਤਿਆਰ ਕਰ ਲਿਆ ਹੈ ਅਤੇ ਇਹ ਸਰਕਾਰ ਵੀ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਵੱਲੋਂ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।