ਜਸਵੰਤ ਜੱਸ
ਫਰੀਦਕੋਟ, 17 ਮਾਰਚ
ਇਲਾਕੇ ਦੇ ਲੋਕਾਂ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਹੁੰਦੀ ਖੱਜਲ ਖੁਆਰੀ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਿਵਲ ਹਸਪਤਾਲ ਫਰੀਦਕੋਟ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਹਸਪਤਾਲ ਦੇ ਸਿਹਤ ਅਧਿਕਾਰੀ ਅਤੇ ਸੀਨੀਅਰ ਡਾਕਟਰ ਵੀ ਹਾਜ਼ਰ ਸਨ।
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਕਿਸੇ ਵੀ ਕੀਮਤ ’ਤੇ ਮਰੀਜ਼ਾਂ ਦੀ ਖੱਜਲ ਖੁਆਰੀ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਉੱਤਮ ਸਿਹਤ ਸਹੂਲਤਾਂ ਦੇਣ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਦੇ ਸਿਵਲ ਹਸਪਤਾਲ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਸਟਾਫ਼ ਦੀ ਘਾਟ ਨੂੰ ਬਿਨਾਂ ਦੇਰੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕੌਂਸਲ ਆਫ਼ ਇੰਡੀਆ ਨੇ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਐੱਮਬੀਬੀਐੱਸ ਦੀਆਂ 25 ਸੀਟਾਂ ਦਾ ਵਾਧਾ ਕੀਤਾ ਹੈ, ਜਿਸ ਨਾਲ ਡਾਕਟਰਾਂ ਦੀ ਘਾਟ ਦੂਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਸਪਤਾਲਾਂ ਵਿੱਚ ਦਵਾਈਆਂ ਅਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਸਪਤਾਲਾਂ ਦੀ ਸਫ਼ਾਈ ਲਈ ਵੀ ਵਿਸ਼ੇਸ਼ ਤੌਰ ’ਤੇ ਸਟਾਫ਼ ਭਰਤੀ ਕੀਤਾ ਗਿਆ ਹੈ।
ਵਿਧਾਇਕ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਸਬੰਧੀ ਲਿਖਤੀ ਬੋਰਡ ਹਸਪਤਾਲ ਦੇ ਬਾਹਰ ਲਾਏ ਜਾਣ ਤਾਂ ਜੋ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਬਾਰੇ ਸਾਰੀ ਜਾਣਕਾਰੀ ਮਿਲ ਸਕੇ।