ਪੱਤਰ ਪ੍ਰੇਰਕ
ਮਾਨਸਾ, 25 ਮਈ
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਜਨ ਸੁਣਵਾਈ ਕੈਂਪ ਲਾ ਕੇ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹ ਅੱਜ ਮਾਨਸਾ ਨੇੜਲੇ ਪਿੰਡ ਖਿਆਲਾ ਕਲਾਂ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਸੰਬੋਧਨ ਕਰ ਰਹੇ ਸਨ। ਕੈਂਪ ਵਿਚ ਪਿੰਡ ਖਿਆਲਾ ਕਲਾਂ ਤੋਂ ਇਲਾਵਾ ਨਾਲ ਲੱਗਦੇ ਨੇੜਲੇ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਨੇ ਲੋਕਾਂ ਦੀਆਂ ਵੱਖ ਵੱਖ ਸਮੱਸਿਆਵਾਂ ਸੁਣੀਆਂ ਤੇ ਅਧਿਕਾਰੀਆਂ ਨੇ ਇਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ, ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ।
ਮਲੋਟ: ਮਹਿਲਾ ਤੇ ਬਾਲ ਵਿਕਾਸ ਮੰਤਰੀ ਵੱਲੋਂ ਲੋਕ ਮਿਲਣੀ
ਮਲੋਟ (ਨਿੱਜੀ ਪੱਤਰ ਪ੍ਰੇਰਕ): ਕੈਬਨਿਟ ਮੰਤਰੀ ਪੰਜਾਬ, ਡਾ. ਬਲਜੀਤ ਕੌਰ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 9 ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ’ਤੇ ਹੀ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ। ਸਮਾਜਿਕ ਨਿਆਂ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾਕਟਰ ਬਲਜੀਤ ਕੌਰ ਨੇ ਕਿਹਾ ਇਸ ਵਾਰਡ ਦੇ ਜ਼ਿਆਦਾਤਰ ਲੋਕਾਂ ਦੀਆਂ ਸਮੱਸਿਆਵਾਂ ਪਾਣੀ, ਸੀਵਰੇਜ, ਪੈਨਸ਼ਨਾਂ, ਕੱਟੇ ਗਏ ਰਾਸ਼ਨ ਕਾਰਡਾਂ ਤੋਂ ਇਲਾਵਾ ਘਰਾਂ ਦੇ ਉੱਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਹਨ, ਜਿਨ੍ਹਾਂ ਦਾ ਜਲਦੀ ਨਿਪਟਾਰਾ ਕਰ ਦਿੱਤਾ ਜਾਵੇਗਾ। ਪਾਣੀਆਂ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਪਾਣੀਆਂ ਬਾਰੇ ਸਾਰੇ ਫ਼ੈਸਲੇ ਪਿਛੀਆਂ ਸਰਕਾਰਾਂ ਨੇ ਹੀ ਲਏ ਹਨ, ਉਨ੍ਹਾਂ ਦੀ ਸਰਕਾਰ ਵੱਲੋਂ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ। ਮੰਤਰੀ ਨੇ ਕਿਹਾ ਕਿ ਲੋਕ ਵੱਲੋਂ ਉਨ੍ਹਾਂ ਤੱਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚਣ ਤੋਂ ਪਹਿਲਾਂ ਹੀ ਉਹ ਵੱਖ ਵੱਖ ਵਾਰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਕਰਦੇ ਹਨ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ।