ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਮਈ
ਸ਼੍ਰੋਮਣੀ ਕਮੇਟੀ ਨੇ ਕੇਂਦਰੀ ਰੇਲਵੇ ਮੰਤਰੀ ਨੂੰ ਇੱਕ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਵਿਸ਼ੇਸ਼ ਰੇਲ ਗੱਡੀਆਂ ਦਾ ਦਰਜਾ ਲੈ ਕੇ ਸਾਫ਼-ਸਫ਼ਾਈ ਦਾ ਵਧੇਰੇ ਪ੍ਰਬੰਧ ਕੀਤਾ ਜਾਵੇ। ਇਸ ਸਬੰਧੀ ਇਕ ਪੱਤਰ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਰੇਲਵੇ ਮੰਤਰੀ ਨੂੰ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਭੇਜੇ ਗਏ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਮੰਗ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਾਸਤੇ ਰੇਲ ਗੱਡੀਆਂ ਦੀ ਗਿਣਤੀ ਵਧਾਈ ਜਾਵੇ।
ਉਨਾਂ ਦੱਸਿਆ ਕਿ ਸੰਗਤ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਕਿ ਮੌਜੂਦਾ ਚੱਲਦੀ ਸੱਚਖੰਡ ਐਕਸਪ੍ਰੈੱਸ ਰੇਲਗੱਡੀ ਵਿਚ ਕਮੀਆਂ ਹਨ। ਇਸ ਰੇਲ ਗੱਡੀ ਵਿੱਚ ਸਫ਼ਾਈ ਅਤੇ ਪਾਣੀ ਦੀ ਘਾਟ ਹੈ। ਇਸ ਰੇਲ ਗੱਡੀ ਨੂੰ ਕਈ ਅਹਿਮ ਸਟੇਸ਼ਨਾਂ ’ਤੇ ਰੋਕਣ ਦੀ ਲੋੜ ਹੈ।
ਉਨ੍ਹਾਂ ਮੰਗ ਕੀਤੀ ਕਿ ਹਫ਼ਤੇ ਵਿਚ ਇੱਕ ਵਾਰ ਚਲਣ ਵਾਲੀ ਰੇਲ ਗੱਡੀ ਨੂੰ ਰੈਗੂਲਰ ਕੀਤਾ ਜਾਵੇ ਤੇ ਇਨ੍ਹਾਂ ਤੋਂ ਇਲਾਵਾ ਦੋ ਹੋਰ ਰੇਲ ਗੱਡੀਆਂ ਚਲਾਈਆਂ ਜਾਣ ਜੋ ਪਟਿਆਲਾ ਅਤੇ ਅੰਬਾਲਾ ਰਸਤੇ ਨੰਦੇੜ ਜਾਣ।