ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲੀਸ ਨੂੰ ਲੌਕਡਾਊਨ ਦੀਆਂ ਬੰਦਿਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਮਾਸਕ ਪਹਿਨਣ

ਸਮਾਜਿਕ ਦੂਰੀ ਅਤੇ ਰਾਤ ਦੇ ਕਰਫਿਊ ਨੂੰ ਅਮਲ ਵਿੱਚ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ 19 ਮਈ (ਪੰਜਾਬੀ ਸਪੈਕਟ੍ਰਮ ਸਰਵਿਸ)- ਸੂਬੇ ਵਿੱਚ ਅੱਜ ਬਹੁਤ ਸਾਰੀਆਂ ਛੋਟਾਂ ਅਮਲ ਵਿੱਚ ਆਉਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲੀਸ ਨੂੰ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਕੋਵਿਡ ਨਾਲ ਸਬੰਧਤ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਆਖਿਆ ਕਿ ਆਰਥਿਕਤਾ ਦੇ ਨਾਲ-ਨਾਲ ਦਫਤਰਾਂ ਤੇ ਵਪਾਰਕ ਗਤੀਵਿਧੀਆਂ ਸ਼ੁਰੂ ਹੋਣ ਦੇ ਮੱਦੇਨਜ਼ਰ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਅਗਲੇ 25-30 ਦਿਨ ਬਹੁਤ ਜ਼ਿਆਦਾ ਨਾਜ਼ੁਕ ਹਨ। ਮੁੱਖ ਮੰਤਰੀ ਨੇ ਪੰਜਾਬ ਪੁਲੀਸ ਨੂੰ ਪ੍ਰੋਟੋਕੋਲ ਅਤੇ ਬੰਦਿਸ਼ਾਂ ਦਾ ਪੂਰੀ ਤਰਾਂ ਪਾਲਣ ਕਾਇਮ ਰੱਖਣ ਲਈ ਸਖਤ ਮਿਹਨਤ ਅਤੇ ਵਚਨਬੱਧਤਾ ਨਾਲ ਡਿਊਟੀ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਜਿਸ ਨਾਲ ਸੂਬੇ ਨੂੰ ਮਹਾਮਾਰੀ ਦੇ ਫੈਲਾਅ ਨੂੰ ਕਾਬੂ ਹੇਠ ਰੱਖਣ ਵਿੱਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਕਿਹਾ,‘‘ਅਸੀਂ ਪਿਛਲੇ 55 ਦਿਨਾਂ ਤੋਂ ਤੁਹਾਡੇ ਵੱਲੋਂ ਕੀਤੇ ਕੰਮਾਂ ਦੇ ਲਾਭ ਅਤੇ ਪੰਜਾਬ ਦੇ ਲੋਕਾਂ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਹੁਣ ਅਵੇਸਲੇ ਹੋਣ ਜਾਣ ਨਾਲ ਰੋਲ ਨਹੀਂ ਸਕਦੇ।‘‘ਇਹ ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਹਫ਼ਤੇ 18 ਮਈ ਤੋਂ ਕਰਫਿਊ ਹਟਾਉਣ ਦਾ ਐਲਾਨ ਕੀਤਾ ਸੀ ਪਰ ਸੂਬੇ ਵਿੱਚ ਲੌਕਡਾਊਨ 30 ਮਈ ਤੱਕ ਜਾਰੀ ਰਹੇਗਾ। ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਲੀਹ ‘ਤੇ ਸੂਬੇ ਨੇ ਗੈਰ-ਸੀਮਿਤ ਜ਼ੋਨਾਂ ਵਿੱਚ ਕਈ ਛੋਟਾਂ ਦਿੱਤੀਆਂ ਅਤੇ ਅੱਜ ਤੋਂ ਪੜਾਅਵਾਰ ਢੰਗ ਨਾਲ ਸਥਾਨਕ ਬੱਸਾਂ ਵੀ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਅਮਲ ਕਰਦਿਆਂ ਪੰਜਾਬ ਪੁਲੀਸ ਮੁਖੀ ਦਿਨਕਰ ਗੁਪਤਾ ਵੱਲੋਂ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਨੂੰ ਲੌਕਡਾਊਨ ਦੀਆਂ ਪਾਬੰਦੀਆਂ ਦੀ ਉਲੰਘਣਾ ਦੇ ਮਾਮਲੇ ਵਿੱਚ ਐਫ.ਆਈ ਆਰ ਦਰਜ ਕਰਨ, ਵਾਹਨਾਂ ਨੂੰ ਜ਼ਬਤ ਕਰਨ ਅਤੇ ਚਲਾਨ ਕੱਟਣ ਲਈ ਆਖਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਢਿੱਲ ਲੋਕਾਂ ਨੂੰ ਸੌਖ ਅਤੇ ਸੁਵਿਧਾ ਮੁਹੱਈਆ ਕਰਵਾਉਣ ਲਈ ਦਿੱਤੀ ਗਈ ਹੈ ਕਿਉਂਕਿ ਸੂਬੇ ਦੇ ਲੋਕਾਂ ਨੂੰ ਕਰਫਿਊ ਦੇ ਸਮੇਂ ਦੌਰਨ ਬਹੁਤ ਔਖਿਆਈਆਂ ਹੰਢਾਉਣੀਆਂ ਪਈਆਂ ਹਨ। ਪਰ ਉਨਾਂ ਨਾਲ ਹੀ ਸਪੱਸ਼ਟ ਕੀਤਾ ਕਿ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।