ਪੇਂਡੂ ਵਿਕਾਸ ਵਿਭਾਗ ਵਲੋਂ ਸੂਬੇ ਵਿਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗਾਜ਼

ਚੰਡੀਗੜ੍ਹ, 12 ਮਈ (ਪੰਜਾਬੀ ਸਪੈਕਟ੍ਰਮ ਸਰਵਿਸ): ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇੱਕ ਵੀਡੀਉ ਕਾਨਫਰੰਸ ਰਾਹੀਂ ਸੂਬੇ ਵਿਚ ਛੱਪੜਾਂ ਦੀ ਸਫ਼ਾਈ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਨੂੰ ਛੱਪੜਾਂ ਦੀ ਸਫ਼ਾਈ ਦਾ ਕਾਰਜ 10 ਜੂਨ ਤੱਕ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਛੱਪੜਾਂ ਦੀ ਸਫ਼ਾਈ ਦਾ ਪਿੰਡਾਂ ਦੀ ਸਫ਼ਾਈ ਅਤੇ ਲੋਕਾਂ ਦੀ ਸਿਹਤ ਨਾਲ ਡੂੰਘਾ ਸਬੰਧ ਹੈ, ਇਸ ਲਈ ਇਹ ਕਾਰਜ ਪਹਿਲ ਦੇ ਅਧਾਰ ੳੇੱਤੇ ਸਿਰੇ ਚਾੜਿਆ ਜਾਣਾ ਚਾਹੀਦਾ ਹੈ। ਸ਼੍ਰੀ ਬਾਜਵਾ ਨੇ ਕਿਹਾ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਤੰਦਰੁਸਤ ਮਿਸ਼ਨ ਪੰਜਾਬ ਦੇ ਡਾਇਰੈਕਟਰ ਕਾਹਨ ਸਿੰਘ ਪੰਂਨੂੰ ਇਸ ਕਾਰਜ ਸਬੰਧੀ ਪੰਚਾਇਤਾਂ ਅਤੇ ਵਿਭਾਗ ਦੇ ਫੀਲਡ ਸਟਾਫ਼ ਨੂੰ ਸਲਾਹ ਦੇਣ ਅਤੇ ਉਹਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅਗਲੇ ਹਫ਼ਤੇ ਤੋਂ ਹੀ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦਾ ਦੌਰਾ ਕਰਨਗੇ।ਉਹਨਾਂ ਅਧਿਕਾਰੀਆਂ ਨੂੰ ਹਿਦਾਇਤ ਦਿੱਤੀ ਕਿ ਇਸ ਕਾਰਜ ਨੂੰ ਪੂਰੀ ਤਨਦੇਹੀ, ਈਮਾਨਦਾਰੀ ਅਤੇ ਸਿਰਢ ਨਾਲ ਸਿਰੇ ਚੜਾਇਆ ਜਾਵੇਗਾ।
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮਗਨਰੇਗਾ ਕਾਮਿਆਂ ਨੂੰ ਇਸ ਕੰਮ ਰਾਹੀਂ ਵੱਧ ਤੋਂ ਵੱਧ ਰੁਜ਼ਗਾਰ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਕੰਮ ਲਈ ਮਸ਼ੀਨਾਂ ਦੀ ਘੱਟ ਤੋਂ ਘੱਟ ਵਰਤੋ ਕੀਤੀ ਜਾਵੇ ਅਤੇ ਬੇਲੋੜੇ ਖਰਚੇ ਨਾ ਕੀਤੇ ਜਾਣ।
ਸ. ਬਾਜਵਾ ਕਿਹਾ ਅੱਜ ਜਿੱਥੇ ਦੇਸ਼ ਭਰ ਵਿਚ ਕੋਰੋਨਾ ਵਾਇਰਸ ਕਾਰਨ ਗਰੀਬ ਲੋਕਾਂ ਕੋਲ ਕੋਈ ਰੁਜ਼ਗਾਰ ਨਹੀਂ ਰਿਹਾ ਅਤੇ ਨਾ ਹੀ ਆਮਦਨੀ ਦਾ ਕੋਈ ਹੋਰ ਸਾਧਨ, ਸੋ ਇਸ ਮੁਹਿੰਮ ਨਾਲ ਗਰੀਬ ਲੋਕਾਂ ਨੂੰ ਮਗਨਰੇਗਾ ਅਧੀਨ ਰੁਜ਼ਗਾਰ ਵੀ ਮਿਲੇਗਾ ਅਤੇ ਉਨ੍ਹਾਂ ਨੂੰ ਪਰਿਵਾਰਾਂ ਦੀਆਂ ਰਾਸ਼ਨ ਪਾਣੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਮੱਦਦ ਵੀ ਹੋਵੇਗੀ।