ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ 30 ਜੂਨ ਤੱਕ ਵਧਾਈ: ਬ੍ਰਹਮ ਮਹਿੰਦਰਾ

ਨਾਗਰਿਕ ਹੁਣ 30 ਜੂਨ ਤੱਕ ਦਸ ਫੀਸਦੀ ਕਟੌਤੀ ਨਾਲ ਯਕਮੁਸ਼ਤ ਜਮ੍ਹਾਂ ਕਰਵਾ ਸਕਣਗੇ ਬਣਦੀ ਰਾਸ਼ੀ

ਚੰਡੀਗੜ੍ਹ (ਪੰਜਾਬੀ ਸਪੈਕਟ੍ਰਮ ਸਰਵਿਸ)- ਪੰਜਾਬ ਸਰਕਾਰ ਨੇ ਕੋਵਿਡ 19 ਮਹਾਂਮਾਰੀ ਫੈਲਣ ਦੇ ਮੱਦੇਨਜ਼ਰ ਰਾਜ ਦੇ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ, ਬਕਾਇਆ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਅਦਾ ਕਰਨ ਦੀ ਮਿਆਦ 30 ਜੂਨ, 2020 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਰਾਜ ਦੇ ਸ਼ਹਿਰੀ ਸਥਾਨਕ ਸਰਕਾਰਾਂ ਵਿੱਚ ਜਲ ਅਤੇ ਸੀਵਰੇਜ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਪਟਾਰਾ ਨੀਤੀ (ਓਟੀਐਸ) ਦੀ ਸਮਾਂ ਸੀਮਾ ਵੀ 30 ਜੂਨ 2020 ਤੱਕ ਵਧਾ ਦਿੱਤੀ ਹੈ। ਇਹ ਜਾਣਕਾਰੀ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਦਿੱਤੀ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇਹ ਫੈਸਲਾ ਲਿਆ ਹੈ ਜੋ ਇਸ ਸਮੇਂ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸਭ ਤੋਂ ਅੱਗੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਅਨੁਸਾਰ, ਉਹ ਵਿਅਕਤੀ, ਜੋ ਐਕਟ ਅਧੀਨ ਲਏ ਗਏ ਮਕਾਨ ਟੈਕਸ ਜਾਂ ਜਾਇਦਾਦ ਟੈਕਸ ਜਮ੍ਹਾਂ ਕਰਾਉਣ ਵਿਚ ਅਸਫਲ ਰਹੇ ਹਨ, ਹੁਣ ਉਹ 10 ਪ੍ਰਤੀਸਤ ਛੋਟ ਨਾਲ ਮੂਲ ਰਕਮ 30 ਜੂਨ, 2020 ਤੱਕ ਯਕਮੁਸਤ ਜਮ੍ਹਾ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ 30 ਜੂਨ 2020 ਤੱਕ ਮਕਾਨ ਟੈਕਸ ਜਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਿਚ ਅਸਫਲ ਰਹਿੰਦੇ ਹਨ, ਉਹ ਅਗਲੇ ਤਿੰਨ ਮਹੀਨੇ ਦੇ ਅੰਦਰ, 10 ਪ੍ਰਤੀਸ਼ਤ ਦੀ ਦਰ ਨਾਲ ਜੁਰਮਾਨੇ ਸਮੇਤ ਮੂਲ ਰਕਮ ਜਮ੍ਹਾਂ ਕਰ ਸਕਦੇ ਹਨ।