ਨਰੇਗਾ ਅਧੀਨ ਨੌਕਰੀ ਕਰ ਰਹੇ ਮੁਲਾਜਮਾਂ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ

ਫੋਟੋ ਕੈਪਸ਼ਨ: ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਨਰੇਗਾ ਮੁਲਾਜ਼ਮ।
ਸ੍ਰੀ ਮੁਕਤਸਰ ਸਾਹਿਬ, (ਸੁਖਵੰਤ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ’ਚ ਨਰੇਗਾ ਅਧੀਨ ਨੌਕਰੀ ਕਰ ਰਹੇ ਮੁਲਾਜ਼ਮਾਂ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਸਾਹਮਣੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਦਿੱਤਾ ਜਾ ਰਿਹਾ ਰੋਸ ਧਰਨਾ ਸ਼ੁੱਕਰਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਦੇ ਦੂਜੇ ਦਿਨ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਧਰਨੇ ਦੌਰਾਨ ਸੰਬੋਧਨ ਕਰਦਿਆ ਬਲਾਕ ਪ੍ਰਧਾਨ ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਦੇ ਸਮੁੱਚੇ 1539 ਨਰੇਗਾ ਮੁਲਾਜ਼ਮ 12 ਸਾਲਾਂ ਤੋਂ ਪੂਰੀ ਤਨਦੇਹੀ ਨਾਲ ਨਰੇਗਾ ਅਧੀਨ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਜਿਥੇ ਨਰੇਗਾ ਮੁਲਾਜ਼ਮਾਂ ਨੂੰ ਸੂਬੇ ਦੇ 18 ਲੱਖ ਗਰੀਬ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਹਨਾਂ ਦੇ ਚੁੱਲੇ ਚਲਦੇ ਕੀਤੇ ਹਨ, ਉਥੇ ਪਿੰਡਾਂ ਦੀ ਨੁਹਾਰ ਬਦਲਣ ਵਿੱਚ ਅਹਿਮ ਯੋਗਦਾਨ ਪਾਇਆ ਹੈ। ਅੱਜ ਪਿੰਡਾਂ ਦੇ 90 ਫੀਸਦੀ ਵਿਕਾਸ ਕਾਰਜ ਨਰੇਗਾ ’ਤੇ ਨਿਰਭਰ ਹਨ। ਜਦੋਂ ਵੀ ਨਰੇਗਾ ਮੁਲਾਜ਼ਮਾਂ ਨੇ ਆਪਣੀਆਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਹੈ ਤਾਂ ਅਫ਼ਸਰਸ਼ਾਹੀ ਵੱਲੋਂ ਆਪਣੇ ਮੁਲਾਜ਼ਮਾਂ ਦੇ ਪੱਖ ਵਿੱਚ ਖੜ੍ਹਨ ਦੀ ਬਜਾਏ ਨੌਕਰੀ ਤੋਂ ਕੱਢ ਦੇਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕੀਤੀਆਂ ਹਨ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨ ਵੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸੰਯੁਕਤ ਵਿਕਾਸ ਕਮਿਸ਼ਨ ਨਾਲ ਦਿਨ ਵਿੱਚ ਤਿੰਨ ਵਾਰ ਮੀਟਿੰਗਾਂ ਕੀਤੀਆਂ, ਪਰ ਫਿਰ ਤੋਂ ਕੇਸ ਤਿਆਰ ਕਰਨ ਦਾ ਵਿਸ਼ਵਾਸ਼ ਦਿਵਾ ਕੇ ਮੁਲਾਜ਼ਮਾਂ ਨੂੰ ਹੜਤਾਲ ਵਾਪਸ ਲੈਣ ਦਾ ਦਬਾਅ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਵਾਰ ਕਿਸੇ ਵੀ ਕੀਮਤ ’ਤੇ ਸੇਵਾਵਾਂ ਰੈਗੂਲਰ ਹੋਣ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਸਰਕਾਰ ਨੂੰ ਚਲਦੇ ਸੰਘਰਸ਼ ’ਚ ਹੀ ਪੂਰੀ ਪ੍ਰਕਿਰਿਆ ਮੁਕੰਮਲ ਕਰਨੀ ਹੋਵੇਗੀ। ਧਰਨੇ ਦੌਰਾਨ ਆਗੂਆਂ ਨੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾਈ ਲੀਡਰਸ਼ਿਪ ਵੱਲੋਂ ਪੰਚਾਇਤ ਵਿਭਾਗ ਵਿੱਚ ਕੰਮ ਕਰਦੀਆਂ ਸਮੁੱਚੀਆਂ ਮੁਲਾਜ਼ਮ ਧਿਰਾਂ ਤੋਂ ਇਸ ਹੱਕ ਸੱਚ ਦੀ ਲੜਾਈ ’ਚ ਸਹਿਯੋਗ ਦੀ ਵੀ ਮੰਗ ਕੀਤੀ। ਇਸ ਮੌਕੇ ਦੀਪਕ ਕੁਮਾਰ ਏਪੀਓ, ਸਰਬਜੀਤ ਸਿੰਘ ਜੇਈ, ਜਸਵਿੰਦਰਪਾਲ ਸਿੰਘ, ਮਨਦੀਪ ਸਿੰਘ, ਮੇਜਰ ਸਿੰਘ, ਹਲਵਿੰਦਰ ਸਿੰਘ, ਬੇਅੰਤ ਸਿੰਘ, ਜੋਗਿੰਦਰ ਸਿੰਘ, ਰਜਿੰਦਰ ਸਿੰਘ, ਮਨਿੰਦਰ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਕੌਰ, ਮਲਕੀਤ ਸਿੰਘ, ਅਵਤਾਰ ਸਿੰਘ ਅਤੇ ਸ਼ਮਿੰਦਰ ਸਿੰਘ ਆਦਿ ਹਾਜ਼ਰ ਸਨ।