ਸੇਵਾਵਾਂ ਰੈਗੂਲਰ ਕਰਵਾਉਣ ਲਈ ਮਗਨਰੇਗਾ ਕਰਮਚਾਰੀਆਂ ਨੇ ਦਿੱਤਾ ਧਰਨਾ

ਕੈਪਸ਼ਨ-ਧਰਨਾ ਦਿੰਦੇ ਹੋਏ ਮਗਨਰੇਗਾ ਕਰਮੀ।
ਸ੍ਰੀ ਮੁਕਤਸਰ ਸਾਹਿਬ, (ਸੁਖਵੰਤ ਸਿੰਘ) ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਸਾਹਮਣੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਰੋਸ਼ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਜਰਨੈਲ ਸਿੰਘ ਨੇ ਦੱਸਿਆ ਕਿ ਪੰਜਾਬ ਭਰ ਦੇ ਸਮੁੱਚੇ 1539 ਨਰੇਗਾ ਮੁਲਾਜ਼ਮ 12 ਸਾਲਾਂ ਤੋਂ ਪੂਰੀ ਤਨਦੇਹੀ ਨਾਲ ਨਰੇਗਾ ਅਧੀਨ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਪਿੰਡਾਂ ਦੇ 90 ਫੀਸਦੀ ਵਿਕਾਸ ਕਾਰਜ ਨਰੇਗਾ ਤੇ ਨਿਰਭਰ ਹਨ। ਜਦੋਂ ਵੀ ਨਰੇਗਾ ਮੁਲਾਜਮਾਂ ਨੇ ਆਪਣੀਆ ਸੇਵਾਵਾਂ ਪੱਕੀਆਂ ਕਰਵਾਉਣ ਲਈ ਸੰਘਰਸ਼ ਸ਼ੁਰੂ ਕੀਤਾ ਹੈ ਤਾਂ ਅਫਸਰਸ਼ਾਹੀ ਵੱਲੋਂ ਆਪਣੇ ਮੁਲਾਜਮਾਂ ਦੇ ਪੱਖ ਵਿਚ ਖੜ੍ਹਨ ਦੀ ਬਜਾਏ ਨੌਕਰੀ ਤੋਂ ਕੱਢਣ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਹਨਾਂ ਦੱਸਿਆ ਕਿ ਬੀਤੇ ਦਿਨੀਂ ਵੀ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਸੰਯੁਕਤ ਵਿਕਾਸ ਕਮਿਸ਼ਨਰ ਨਾਲ ਤਿੰਨ ਵਾਰ ਮੀਟਿੰਗਾਂ ਕੀਤੀਆਂ ਪਰ ਫਿਰ ਤੋਂ ਕੇਸ ਤਿਆਰ ਕਰਨ ਦਾ ਵਿਸ਼ਵਾਸ ਦਿਵਾ ਕੇ ਮੁਲਾਜਮਾਂ ਨੂੰ ਹੜਤਾਲ ਵਾਪਸ ਲੈਣ ਦਾ ਦਬਾਅ ਪਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਵਾਰ ਕਿਸੇ ਵੀ ਕੀਮਤ ਤੇ ਸੇਵਾਵਾਂ ਰੈਗੂਲਰ ਹੋਣ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ। ਉਹਨਾਂ ਵਿਭਾਗ ਦੇ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤੋਂ ਮੰਗ ਕੀਤੀ ਕਿ ਉਹ ਆਪਣਾ ਨਿੱਜੀ ਦਖਲ ਦੇ ਕੇ ਜਲਦ ਤੋਂ ਜਲਦ ਨਰੇਗਾ ਮੁਲਾਜ਼ਮਾਂ ਦਾ ਮਸਲਾ ਹੱਲ ਕਰਵਾਉਣ ਤਾਂ ਜੋ ਮੁਲਾਜਮਾਂ ਵਿਚ ਭੜਕੀ ਗੁੱਸੇ ਦੀ ਅੱਗ ਨੂੰ ਸ਼ਾਂਤ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਨਾਲ ਸਰਬਜੀਤ ਸਿੰਘ, ਜੋਗਿੰਦਰ ਸਿੰਘ, ਰਜਿੰਦਰ ਸਿੰਘ, ਮਨਜਿੰਦਰ ਸਿੰਘ, ਬੇਅੰਤ ਸਿੰਘ, ਦੀਪਕ ਕੁਮਾਰ , ਹਲਵਿੰਦਰ ਸਿੰਘ ਆਦਿ ਮੌਜੂਦ ਸਨ।