40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 3 ਮਈ (ਤੇਜਿੰਦਰ ਧੂੜੀਆ, ਸੁਖਵੰਤ ਸਿੰਘ) :40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਵੱਲੋਂ ਮਨਾਇਆ ਗਿਆ। ਇਸ ਸਬੰਧੀ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਦੇ ਭੋਗ ਐਤਵਾਰ 3 ਮਈ ਨੂੰ ਸਵੇਰੇ 9 ਵਜ੍ਹੇ ਪਾਏ ਗਏ। ਇਸ ਉਪਰੰਤ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਭਾਈ ਗੁਰਕੀਰਤ ਸਿੰਘ ਤੇ ਭਾਈ ਸ਼ੌਕੀਨ ਸਿੰਘ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਧਾਰਮਿਕ ਸਮਾਗਮਾਂ ‘ਚ ਇਲਾਕੇ ਦੀਆਂ ਸੰਗਤਾਂ ਨੇ ਸਮਾਜਿਕ ਦੂਰੀ ਬਣਾਈ ਰੱਖਕੇ, ਮਾਸਕ ਪਹਿਨਕੇ ਹਾਜ਼ਰੀਆਂ ਲਵਾਈਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰਰੀਤ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਪੁੱਜਕੇ ਹਾਜ਼ਰੀ ਲਵਾਈ ਅਤੇ ਸਰਬੱਤ ਦੇ ਭਲੇ ਦੀ ਅਤੇ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਦੇ ਬਚਾਅ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਮੇਰ ਸਿੰਘ ਬਾਦੀਆ ਨੇ ਧਾਰਮਿਕ ਸਮਾਗਮ ‘ਤੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਪਾਲ ਸਿੰਘ ਬੇਦੀ, ਬਲਵਿੰਦਰ ਸਿੰਘ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਮੁਕਤਸਰ, ਡਾ. ਤੇਜਿੰਦਰ ਕੌਰ ਧਾਲੀਵਾਲ, ਸਰੂਪ ਸਿੰਘ ਸਕੱਤਰ ਗੁਰੂ ਨਾਨਕ ਕਾਲਜ, ਗੁਰਚਰਨ ਸਿੰਘ ਸੰਧੂ ਡੀ.ਟੀਂ.ਓ ਤੇ ਵੱਖ ਵੱਖ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।