ਅਕਾਲੀ ਆਗੂ ਤੇ ਠੱਗੀ ਮਾਰਨ ਦੇ ਦੋਸ਼ ਲੱਗਣ ’ਤੇ ਸੁਖਬੀਰ ਨੇ ਪਾਰਟੀ ‘ਚੋਂ ਕੱਢਿਆ

ਕੈਪਸ਼ਨ- ਅਮਿਤ ਰਤਨ।
ਚੰਡੀਗੜ, (ਪੰਜਾਬੀ ਸਪੈਕਟ੍ਰਮ ਸਰਵਿਸ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ਦੇ ਆਗੂ ਸ੍ਰੀ ਅਮਿਤ ਰਤਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ ਹੈ। ਇਹ ਕਾਰਵਾਈ ਉਹਨਾਂ ਖਿਲਾਫ ਪਾਰਟੀ ਵਰਕਰਾਂ ਨਾਲ ਠੱਗੀ ਮਾਰਨ ਦੇ  ਗੰਭੀਰ ਦੋਸ਼ ਲੱਗਣ ਮਗਰੋਂ ਕੀਤੀ ਗਈ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ  ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਵਿਅਕਤੀਆਂ ਨੇ ਇਹ ਸ਼ਿਕਾਇਤਾਂ ਦਿੱਤੀਆਂ ਸਨ ਕਿ ਸ੍ਰੀ ਅਮਿਤ ਰਤਨ ਨੇ ਬਿਜ਼ਨਸ ਦੇ ਮੌਕੇ ਦੇਣ ਦੇ ਨਾਂ ‘ਤੇ ਉਹਨਾਂ ਨਾਲ ਠੱਗੀ ਮਾਰੀ ਹੈ। ਇਹ ਸ਼ਿਕਾਇਤਾਂ ਮਿਲਣ ਮਗਰੋਂ ਪਾਰਟੀ ਪ੍ਰਧਾਨ ਨੇ ਇਕ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਸਾਬਕਾ ਮੰਤਰੀ ਸ੍ਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਸ੍ਰੀ ਜੀਤ ਮਹਿੰਦਰ ਸਿੰਘ ਸਿੱਧੂ ਤੇ ਸ੍ਰੀ ਸਰੂਪ ਚੰਦ ਸਿੰਗਲਾ ਸ਼ਾਮਲ ਸਨ। ਇਸ ਕਮੇਟੀ ਨੇ ਵਿਸਥਾਰਿਤ ਜਾਂਚ ਕੀਤੀ ਤੇ ਪਾਰਟੀ ਪ੍ਰਧਾਨ ਨੂੰ ਆਪਣੀ ਰਿਪੋਰਟ ਸੌਂਪੀ ਜਿਸ ਵਿਚ  ਪਾਇਆ ਗਿਆ ਕਿ ਸ੍ਰੀ ਅਮਿਤ ਰਤਨ ਖਿਲਾਫ ਲੱਗੇ ਦੋਸ਼ ਸਹੀ ਹਨ ਤੇ ਕਮੇਟੀ ਨੇ ਰਤਨ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ।ਅਮਿਤ ਰਤਨ ਦੀਆਂ ਅਜਿਹੀ ਗੈਰ ਕਾਨੂੰਨੀ ਤੇ ਅਨੈਤਿਕ ਗਤੀਵਿਧੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਪਾਰਟੀ ਪ੍ਰਧਾਨ ਨੇ ਉਹਨਾਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਵਿਚੋਂ ਕੱਢਣ ਦਾ ਫੈਸਲਾ ਕੀਤਾ ਹੈ। ਅਮਿਤ ਰਤਨ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਬਠਿੰਡਾ ( ਰੂਰਲ ) ਤੋਂ ਅਕਾਲੀ ਦਲ ਦਾ ਉਮੀਦਵਾਰ ਸੀ।