ਪਾਣੀ ਦੇ ਸੋਮਿਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਯਤਨ ਹੋਰ ਮਜ਼ਬੂਤ ਹੋਏ- ਸਰਕਾਰੀਆ

ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਗਠਿਤ

ਪਾਣੀ ਦੀ ਸੰਭਾਲ ਅਤੇ ਸੁਚੱਜੀ ਵਰਤੋਂ ਬਾਰੇ ਠੋਸ ਕਾਰਜ ਕਰੇਗੀ ਅਥਾਰਟੀ

 

ਚੰਡੀਗੜ੍ਹ, (ਪੰਜਾਬੀ ਸਪੈਕਟ੍ਰਮ ਸਰਵਿਸ) ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਦੇ ਗਠਨ ਨਾਲ ਪਾਣੀ ਦੇ ਸੋਮਿਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਯਤਨ ਹੋਰ ਮਜ਼ਬੂਤ ਹੋ ਗਏ ਹਨ। ਪਿਛਲੇ ਦਿਨੀਂ ਇਸ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਨੇ ਸਹੁੰ ਚੁੱਕੀ ਹੈ। ਅਥਾਰਟੀ ਨੂੰ ਸੂਬੇ ਦੇ ਜਲ ਸਰੋਤਾਂ ਦੇ ਢੁਕਵੇਂ, ਨਿਰਪੱਖ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਤੇ ਵਿਕਾਸ ਅਤੇ ਇਸ ਨਾਲ ਜੁੜੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਸਭ ਅਧਿਕਾਰ ਦਿੱਤੇ ਗਏ ਹਨ। ਪੰਜਾਬ ਵਿਚ ਡੂੰਘੇ ਹੋ ਰਹੇ ਜ਼ਮੀਨੀ ਪਾਣੀ ਦਾ ਪੱਧਰ ਉੱਚਾ ਚੁੱਕਣ, ਪਾਣੀ ਦੀ ਸੁਚੱਜੀ ਵਰਤੋਂ ਅਤੇ ਵੱਧ ਰਹੀ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਇਹ ਅਥਾਰਟੀ ਮਹੱਤਵਪੂਰਣ ਕਾਰਜ ਕਰੇਗੀ।ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਉਮੀਦ ਪ੍ਰਗਟਾਈ ਹੈ ਕਿ ਅਥਾਰਟੀ ਪਾਣੀ ਦੇ ਮਹੱਤਵਪੂਰਨ ਸਰੋਤਾਂ/ਸੋਮਿਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ।ਉਨ੍ਹਾਂ ਕਿਹਾ ਕਿ ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਅਥਾਰਟੀ ਕੋਈ ਸਾਰਥਕ ਨੀਤੀ ਜਾਂ ਸੁਝਾਅ ਲੈ ਕੇ ਆਵੇਗੀ। ਕਾਬਿਲੇਗੌਰ ਹੈ ਕਿ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ ਦਾ ਚੇਅਰਮੈਨ ਕਰਨ ਅਵਤਾਰ ਸਿੰਘ ਨੂੰ ਲਾਇਆ ਗਿਆ ਹੈ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਹਨ। ਇਸ ਤੋਂ ਇਲਾਵਾ ਸੁਰਿੰਦਰ ਸਿੰਘ ਕੁੱਕਲ ਅਤੇ ਸੁਸ਼ੀਲ ਗੁਪਤਾ ਨੂੰ ਮੈਂਬਰ ਲਾਇਆ ਗਿਆ ਹੈ।
ਕੀ ਕਰੇਗੀ ਅਥਾਰਟੀ?
ਅਥਾਰਟੀ ਨੂੰ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਪਾਣੀ ਦੀ ਬਰਬਾਦੀ ਜਾਂ ਦੁਰਵਰਤੋਂ ਨੂੰ ਘੱਟ ਕਰਨ ਅਤੇ ਪਾਣੀ ਦੇ ਮੁੜ ਇਸਤੇਮਾਲ ਨੂੰ ਉਤਸ਼ਾਹਿਤ ਕਰਨ ਲਈ ਆਦੇਸ਼ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਦੇ ਨਾਲ-ਨਾਲ ਇਹ ਅਥਾਰਟੀ ਪੰਜਾਬ ਦੇ ਜਲ ਸਰੋਤਾਂ ਦੀ ਸੰਭਾਲ ਨੂੰ ਯਕੀਨੀ ਬਣਾਏਗੀ। ਅਥਾਰਿਟੀ ਸਮੇਂ-ਸਮੇਂ ‘ਤੇ ਨੀਤੀਆਂ ਬਣਾਉਣ ਅਤੇ ਪ੍ਰੋਗਰਾਮਾਂ ਬਾਰੇ ਸਰਕਾਰ ਨੂੰ ਸਲਾਹ ਵੀ ਦੇਵੇਗੀ। ਇਕ ਮਹੱਤਵਪੂਰਨ ਕਾਰਜ ਵੱਜੋਂ ਇਹ ਅਥਾਰਟੀ ਪਾਣੀ ਦੀ ਸੰਭਾਲ, ਵਰਤੋਂ ਅਤੇ ਗੁਣਵੱਤਾ ਨਾਲ ਜੁੜੇ ਸਰਵੇਖਣ, ਜਾਂਚ ਅਤੇ ਖੋਜ ਕਾਰਜ ਵੀ ਕਰੇਗੀ। ਅਥਾਰਟੀ ਨੂੰ ਸੂਬੇ ਦੇ ਜਲ ਸਰੋਤਾਂ ਦੀ ਸੰਭਾਲ ਲਈ ਦਿਸ਼ਾ-ਨਿਰਦੇਸ਼ ਅਤੇ ਹਦਾਇਤਾਂ ਜਾਰੀ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
ਧਰਤੀ ਹੇਠਲਾ ਪਾਣੀ ਅਤੇ ਅਥਾਰਟੀ
ਧਰਤੀ ਹੇਠਲੇ ਪਾਣੀ ਦੀ ਵਰਤੋਂ ਸਬੰਧੀ ਅਥਾਰਟੀ ਖਾਸ ਕੰਮ ਕਰੇਗੀ। ਸਿੰਚਾਈ, ਸਨਅਤੀ ਜਾਂ ਘਰੇਲੂ ਵਰਤੋਂ ਲਈ ਜ਼ਮੀਨੀ ਪਾਣੀ ਦੀ ਵਰਤੋਂ ਬਾਰੇ ਹਦਾਇਤਾਂ ਜਾਰੀ ਕਰੇਗੀ। ਮੀਂਹ ਦੇ ਪਾਣੀ ਨਾਲ ਸਿੰਚਾਈ ਕਰਨ ਨੂੰ ਉਤਸ਼ਾਹਿਤ ਕੀਤਾ ਜਾਵੇਗਾ।ਅਥਾਰਟੀ ਜਾਂ ਅਥਾਰਟੀ ਵੱਲੋਂ ਨਿਰਧਾਰਤ ਸੰਸਥਾ ਤੋਂ ਰਜਿਸਟ੍ਰੇਸ਼ਨ ਕਰਵਾਏ ਬਿਨਾਂ ਖੂਹਾਂ ਦੀ ਖੁਦਾਈ ਨਹੀਂ ਕੀਤੀ ਜਾ ਸਕੇਗੀ। ਜ਼ਿਕਰਯੋਗ ਹੈ ਕਿ ਪੀਣ ਵਾਲੇ ਪਾਣੀ ਅਤੇ ਘਰੇਲੂ ਵਰਤੋਂ ਲਈ ਧਰਤੀ ਹੇਠੋਂ ਪਾਣੀ ਕੱਢਣ ਲਈ ਅਥਾਰਟੀ ਵੱਲੋਂ ਕੋਈ ਰੋਕ ਨਹੀਂ ਹੋਵੇਗੀ।