ਪੰਜਾਬ ਨੂੰ ਅਪਰੈਲ ਮਹੀਨੇ ਵਿੱਚ 88 ਫੀਸਦ ਮਾਲੀ ਨੁਕਸਾਨ ਹੋਇਆ, ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਅਤੇ ਕਾਂਗਰਸੀ ਆਗੂਆਂ ਨਾਲ ਹੋਈ ਵੀਡੀਓ ਕਾਨਫਰੰਸ ਦੌਰਾਨ ਦੱਸਿਆ

ਚੰਡੀਗੜ੍ਹ, 6 ਮਈ (ਪੰਜਾਬੀ ਸਪੈਕਟ੍ਰਮ ਸਰਵਿਸ) ਪੰਜਾਬ ਨੂੰ ਅਪਰੈਲ ਮਹੀਨੇ ਦੌਰਾਨ 88 ਫੀਸਦ ਤੱਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕੇਂਦਰ  ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ ਵਿੱਚ ਸ਼ਿਰਕਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।  ਮੀਟਿੰਗ ਦੌਰਾਨ ਸ੍ਰੀਮਤੀ ਸੋਨੀਆਂ ਗਾਂਧੀ ਨੇ ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਦੇ ਸੁਖਾਂਵੇ ਸੀਜ਼ਨ ਲਈ ਵਧਾਈ ਦੇਣ ਵਾਸਤੇ ਆਖਿਆ। ਮੁੱਖ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਕਣਕ ਦੀ ਆਮਦ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਖ੍ਰੀਦ ਦੀ ਪ੍ਰ�ਿਆ ਚੱਲ ਰਹੇ ਮਈ ਮਹੀਨੇ ਦੇ ਅੱਧ ਤੱਕ ਮੁਕੰਮਲ ਹੋਣ ਦੀ  ਉਮੀਦ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ  ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦ ਤੱਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿੱਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਨ੍ਹਾਂ ਅੱਗੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ। ਸੂਬੇ ਨੂੰ ਵਿੱਤੀ ਅਤੇ ਉਦਯੋਗਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਸ੍ਰੀ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰ ਸਮੂਹ ਦੀ ਮੁਢਲੀ ਰਿਪੋਰਟ ਆਉਦੇ ਤਿੰਨ ਮਹੀਨਿਆਂ ਵਿੱਚ ਮਿਲਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਇਕ ਮਹੀਨੇ ਵਿੱਚ ਇਸ ਨੂੰ ਮੁਕੰਮਲ ਅੰਤਿਮ ਰੂਪ ਦਿੱਤਾ ਜਾਵੇਗਾ।