ਮੁੱਖ ਮੰਤਰੀ ਨੇ 31 ਮਾਰਚ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਦੀ ਮਿਆਦ ’ਚ ਵਾਧਾ ਕੀਤੇ ਜਾਣ ਨੂੰ ਰੱਦ ਕੀਤਾ

13 ਮਈ (ਪੰਜਾਬੀ ਸਪੈਕਟ੍ਰਮ ਸਰਵਿਸ) ਸ਼ਰਾਬ ਦੇ ਠੇਕਿਆਂ ਦੀ ਮਿਆਦ ਵਿੱਚ 31 ਮਾਰਚ, 2020 ਤੋਂ ਬਾਅਦ ਵਾਧਾ ਕੀਤੇ ਜਾਣ ਨੂੰ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦੀ ਲੀਹ ’ਤੇ ਚਲਦਿਆਂ ਸੂਬਾ ਸਰਕਾਰ ਲੌਕਡਾੳੂਨ ਦੇ 23 ਮਾਰਚ ਤੋਂ 6 ਮਈ, 2020 ਤੱਕ ਦੇ ਸਮੇਂ ਦੌਰਾਨ ਪਏ ਘਾਟੇ ਲਈ ਲਾਇਸੰਸਧਾਰਕਾਂ ਵਾਸਤੇ ਵਿਵਸਥਾ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕੋਵਿਡ-19 ਦਰਮਿਆਨ ਠੇਕੇ ਬੰਦ ਰਹਿਣ ਕਾਰਨ ਹੋਏ ਘਾਟੇ ਦਾ ਪਤਾ ਲਾਏਗੀ। ਇਹ ਕਮੇਟੀ ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ੳੂਰਜਾ ਏ. ਵੇਨੂੰ ਪ੍ਰਸਾਦ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ ’ਤੇ ਅਧਾਰਿਤ ਹੈ।
ਮੰਤਰੀ ਮੰਡਲ ਨੇ ਸੋਮਵਾਰ ਨੂੰ ਮਹਾਮਾਰੀ ਅਤੇ ਕਰਫਿੳੂ/ਲੌਕਡਾੳੂਨ ਦੇ ਸੰਦਰਭ ਵਿੱਚ ਸੂਬੇ ਦੀ ਆਬਕਾਰੀ ਨੀਤੀ ਵਿੱਚ ਢੁਕਵੀਆਂ ਤਬਦੀਲੀਆਂ ਕਰਨ ਦੀ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਸੀ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਵਿਭਾਗ ਦੀ ਸਲਾਹ ਦੇ ਅਨੁਸਾਰ ਆਬਕਾਰੀ ਵਿਭਾਗ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰ ਲਿਆ ਹੈ ਤਾਂ ਕਿ ਸ਼ਰਾਬ ਦੀਆਂ ਦੁਕਾਨਾਂ ਦੇ ਠੇਕੇ ਦੀ ਮਿਆਦ 31 ਮਾਰਚ, 2021 ਤੱਕ ਬਰਕਰਾਰ ਰੱਖੀ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਮਾਰਚ ਵਿੱਚ ਲੌਕਡਾੳੂਨ ਦੌਰਾਨ 9 ਦਿਨਾਂ ਦੇ ਸਮੇਂ ਵਿੱਚ ਪਏ ਘਾਟੇ ਲਈ ਐਮ.ਜੀ.ਕਿੳੂ. ਦੀ ਅਨੁਪਾਤ ’ਤੇ ਅਧਾਰਿਤ ਵਿਵਸਥਾ ਮੁਹੱਈਆ ਕਰਵਾਉਣ ਲਈ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਅਪ੍ਰੈਲ ਤੋਂ 6 ਮਈ, 2020 ਦੇ ਘਾਟੇ ਦੀ ਮਿਆਦ ਲਈ ਮਾਲੀਆ, ਲਾਇਸੰਸ ਫੀਸ ਤੇ ਐਮ.ਜੀ.ਆਰ., ਦੋਵਾਂ ਨੂੰ ਆਬਕਾਰੀ ਵਿਭਾਗ ਦੁਆਰਾ ਅਨੁਰੂਪ ਵਿਵਸਥਾ/ਮੁੜ ਨਿਰਧਾਰਤ ਕੀਤਾ ਜਾ ਸਕਦਾ ਹੈ।