ਮੁਕਤਸਰ ‘ਚ ਇਕ ਨਵੇਂ ਪਾਜ਼ੇਟਿਵ ਕੇਸ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ : ਮੁਕਤਸਰ ‘ਚ ਇਕ ਨਵੇਂ ਪਾਜ਼ੇਟਿਵ ਕੇਸ ਦੀ ਪੁਸ਼ਟੀ ਹੋਈ ਹੈ ਅਤੇ ਇਕ ਮਰੀਜ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਤੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਤੋਂ ਠੀਕ ਹੋ ਕੇ ਘਰ ਪਰਤ ਗਿਆ ਹੈ। ਹੁਣ ਸ੍ਰੀ ਮੁਕਤਸਰ ਸਾਹਿਬ ‘ਚ ਐਕਟਿਵ ਕੇਸਾਂ ਦੀ ਗਿਣਤੀ 10 ਹੋ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ ਤੇ ਮਿਸ਼ਨ ਫਤਹਿ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ‘ਚ ਕੋਵਿਡ-19 ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਹੋਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੋਵਿਡ-19 ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਦੀ ਪੁਸ਼ਟੀ ਹੋਈ ਹੈ ਜ਼ੋ ਕਿ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਤੇ ਜੋ ਪਿਛਲੇ ਦਿਨੀਂ ਦਿੱਲੀ ਤੋਂ ਆਇਆ ਸੀ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10585 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਸ ‘ਚੋਂ 9966 ਦੀ ਰਿਪੋਰਟ ਨੈਗੇਟਿਵ ਅਤੇ 144 ਮਰੀਜ਼ ਪਾਜ਼ੇਟਿਵ ਹਨ, ਜਿਨ੍ਹਾਂ ‘ਚੋਂ 133 ਕੇਸ ਠੀਕ ਹੋ ਕੇ ਘਰ ਚਲੇ ਗਏ ਹਨ ਅਤੇ 10 ਕੇਸ ਐਕਟਿਵ ਹਨ ਅਤੇ 475 ਕੇਸਾਂ ਦੀ ਰਿਪੋਰਟ ਬਾਕੀ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ‘ਚ ਫਲੂ ਕਾਰਨਰਾਂ ਤੇ ਕੋਵਿਡ-19 ਸਬੰਧੀ 191 ਸੈਂਪਲ ਲਏ ਗਏ ਹਨ। ਪਿਛਲੇ ਦਿਨੀ ਜਿਲ੍ਹੇ ਦੇ ਫਲੂ ਕਾਰਨਰਾਂ ‘ਚ ਕੋਵਿਡ ਜਾਂਚ ਲਈ ਲਏ ਸੈਂਪਲਾ ‘ਚੋਂ ਸ਼ੁੱਕਰਵਾਰ ਨੂੰ 391 ਸੈਂਪਲਾਂ ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ। ਜ਼ਿਲ੍ਹਾ ਪ੍ਰਸ਼ਾਸਣ ਦੇ ਯਤਨਾਂ ਸਦਕਾ ਸਿਹਤ ਵਿਭਾਗ ਨੇ ਇਨ੍ਹਾਂ ਮਰੀਜਾਂ ਦੀ ਜਲਦੀ ਪਹਿਚਾਣ ਕਰਕੇ ਤੇ ਇਲਾਜ ਕਰਕੇ ਇਨ੍ਹਾਂ ‘ਚੋਂ ਹੁਣ ਤੱਕ 133 ਮਰੀਜਾਂ ਨੂੰ ਜਲਦੀ ਠੀਕ ਕਰਕੇ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਿਹਾ ਹੈ।