ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ’ਤੇ ਬੈਠਾ ਵਿਅਕਤੀ ਹੋਇਆ ਸੀਸੀਟੀਵੀ ’ਚ ਕੈਦ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਪੰਜਾਬੀ ਸਪੈਕਟ੍ਰਮ ਸਰਵਿਸ) : ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਤੂਰਾਂ ਦੇ ਗੁਰਦੁਆਰਾ ਸਾਹਿਬ ’ਚ ਇਕ ਵਿਅਕਤੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ’ਤੇ ਬੈਠਣ ਦੀ ਘਟਨਾ ਸੀਸੀਟੀਵੀ ’ਚ ਕੈਦ ਹੋ ਗਈ। ਸ੍ਰੀ ਗੁਰੁੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪਿੰਡ ਵਾਸੀਆਂ ਨੇ ਪੁਲਿਸ ਹਵਾਲੇ ਕਰ ਦਿੱਤਾ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹਰਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਰੋਜ਼ਾਨਾ ਦੀ ਤਰ੍ਹਾਂ ਸੋਮਵਾਰ ਤੜਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ ਜਿਸ ਉਪਰੰਤ ਪਿੰਡ ਦੀਆਂ ਔਰਤਾਂ ਅਤੇ ਦੋ ਸੇਵਾਦਾਰਾਂ ਨੇ ਸਫਾਈ ਸ਼ੁਰੂ ਕਰ ਦਿੱਤੀ। ਇਸ ਉਪਰੰਤ ਪਿੰਡ ਦਾ ਹੀ ਰਹਿਣ ਵਾਲਾ ਮੇਵਾ ਸਿੰਘ ਅਚਾਨਕ ਗੁਰਦੁਆਰਾ ਸਾਹਿਬ ਅੰਦਰ ਵੜ ਗਿਆ ਜਿਸ ਨੇ ਅੰਦਰੋਂ ਸਾਰੇ ਦਰਵਾਜੇ ਬੰਦ ਕਰ ਲਏ ਤੇ ਅੰਦਰ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਪਏ ਸ਼ਸਤਰ ਇੱਧਰ-ਉੱਧਰ ਸੁੱਟ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ’ਤੇ ਚੌਂਕੜੀ ਮਾਰ ਕੇ ਬੈਠ ਗਿਆ।
ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਜਿਸ ਤੋਂ ਕਾਫੀ ਦੇਰ ਬਾਅਦ ਉਕਤ ਵਿਅਕਤੀ ਨੇ ਜਦੋਂ ਦਰਵਾਜਾ ਖੋਲ੍ਹਿਆ ਤਾਂ ਪਿੰਡ ਵਾਸੀਆਂ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਡੀਐੱਮ ਅਮਲੋਹ ਆਨੰਦ ਸਾਗਰ ਸ਼ਰਮਾ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਪਿੰਡ ਵਾਸੀਆਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਏਐੱਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਗ੍ਰੰਥੀ ਹਰਕੀਰਤ ਸਿੰਘ ਦੀ ਸ਼ਿਕਾਇਤ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।